ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ, ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ :ਡਾ. ਅਮਨਦੀਪ ਕੌਰ ਅਰੋੜਾ

ਮੋਗਾ,2 ਫਰਵਰੀ (jashan) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਬੀਮਾ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ। ਇਸ ਮਹੱਤਵਪੂਰਨ ਪਹਿਲਕਦਮੀ ਦੇ ਹਿੱਸੇ ਵਜੋਂ, ਅੱਜ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿੱਚ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿੱਚ ਕੈਂਪਾਂ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸੂਬੇ ਭਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਜ਼ੋਰਾਂ 'ਤੇ ਹੈ। ਉਨ੍ਹਾਂ ਵਸਨੀਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਇੱਕ ਵਾਰ ਫਿਰ "ਰੰਗਲਾ ਪੰਜਾਬ" ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ, ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਦੇ ਵਸਨੀਕਾਂ ਨੂੰ ਸਿਹਤ ਸੁਰੱਖਿਆ ਦੇ ਮਹੱਤਵਪੂਰਨ ਲਾਭ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕੋਈ ਆਮਦਨੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੂਰੇ ਪਰਿਵਾਰ ਲਈ ਪੰਜਾਬ ਆਧਾਰ ਅਤੇ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹਸਪਤਾਲ ਵਿੱਚ ਭਰਤੀ ਦੌਰਾਨ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਭਰਤੀ ਹੋਣ 'ਤੇ ਸਕੀਮ ਕਾਰਡ ਨੂੰ ਕਿਰਿਆਸ਼ੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ ਅਤੇ ਸਰਕਾਰੀ ਕਰਮਚਾਰੀ (ਸਾਰੇ ਪੰਜਾਬ ਵਾਸੀ) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਉਪਲਬਧ ਹੋਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਲੋਕ-ਪੱਖੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।


