ਬੇਅਦਬੀ ਵਿਰੁੱਧ ਸਖਤ ਬਿੱਲ ਲਿਆਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕੰਮ-ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ

ਮੋਗਾ, 14 ਅਪ੍ਰੈਲ (ਜਸ਼ਨ ) "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਸਖਤ ਕਾਨੂੰਨ ਬਹੁਤ ਹੀ ਜਰੂਰੀ ਅਤੇ ਸ਼ਲਾਘਾਯੋਗ ਕਦਮ ਹੈ" ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰੈੱਸ ਸਕੱਤਰ ਅਤੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਕੀਤਾ
ਖਾਲਸਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਸਾਡੇ ਲਈ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਜਾਨ ਤੋਂ ਵੀ ਪਿਆਰਾ ਹੈ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੇ ਬੇਅਦਬੀ ਵਰਗੇ ਅਤਿ ਮੰਦਭਾਗੇ ਅਤੇ ਹਿਰਦੇ ਵਲੂੰਧਰਨ ਵਾਲੇ ਕਾਂਡ ਹੰਢਾਏ ਹਨ, ਜਿਨ੍ਹਾਂ ਨੇ ਹਰ ਨਾਨਕ ਨਾਮ ਲੇਵਾ ਸੰਗਤ ਦੇ ਮਨ ਨੂੰ ਗਹਿਰੀ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ। ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਪੇਸ਼ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਇਹ ਬਿੱਲ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਮਰਿਆਦਾ ਨੂੰ ਬਹਾਲ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।ਖਾਲਸਾ ਜੀ ਹੋਰਾਂ ਅੱਗੇ ਦੱਸਿਆ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧਾਂ ਨੂੰ ਰੋਕਣ ਲਈ ਸਿਰਫ਼ ਨਿੰੰਦਾ ਕਾਫ਼ੀ ਨਹੀਂ ਸੀ,ਸਗੋਂ ਅਜਿਹੇ ਸਖ਼ਤ ਕਾਨੂੰਨ ਦੀ ਲੋੜ ਸੀ ਜੋ ਦੋਸ਼ੀਆਂ ਦੀ ਰੂਹ ਕੰਬਾ ਦੇਵੇ। ਇਸ ਨਵੇਂ ਕਾਨੂੰਨ ਤਹਿਤ ਹੁਣ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਬਿੱਲ ਸਾਡੀ ਆਸਥਾ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਹਿੰਮਤ ਨਾ ਕਰ ਸਕੇ।
ਅਖੀਰ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਹ ਪੂਰਨ ਸਮਰਥਨ ਕਰਦੇ ਹਨ ਕਿਉਂਕਿ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣਾ ਅਤੇ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਲੱਗੇ ਜ਼ਖ਼ਮਾਂ 'ਤੇ ਇਨਸਾਫ਼ ਦੀ ਮਲ੍ਹਮ ਲਾਉਣਾ 'ਆਮ ਆਦਮੀ ਪਾਰਟੀ' ਦੀ ਸਰਕਾਰ ਪੰਜਾਬ ਦੀ ਮੁੱਢਲਾ ਅਤੇ ਜਰੂਰੀ ਫਰਜ ਹੈ ਪੰਜਾਬ ਸਰਕਾਰ ਹਰ ਕਦਮ 'ਤੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰੇਗੀ।
ਉਹਨਾਂ ਕਿਹਾ ਕਿ ਆਓ, ਆਪਾਂ ਸਾਰੇ ਮਿਲ ਕੇ ਪੰਜਾਬ ਦੀ ਸ਼ਾਂਤੀ ਅਤੇ ਸਤਿਕਾਰ ਨੂੰ ਬਣਾਈ ਰੱਖਣ ਲਈ ਸਰਕਾਰ ਦੇ ਇਸ ਉਪਰਾਲੇ ਦਾ ਸਾਥ ਦੇਈਏ।


