ਸਰਕਾਰ ਮੰਡੀਆਂ 'ਚ ਪੁਖਤਾ ਪ੍ਰਬੰਧ ਕਰਨ ’ਚ ਨਾਕਾਮ : ਮਾਲਵਿਕਾ ਸੂਦ

ਮੋਗਾ, 29 ਅਪ੍ਰੈਲ ( ਜਸ਼ਨ ) ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸੱਤਾਧਾਰੀ ਪਾਰਟੀ ’ਤੇ ਤਿੱਖੇ ਸ਼ਬਦਾਂ ਵਿਚ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਰਕਾਰ ਹਾੜੀ ਦੇ ਸੀਜ਼ਨ ਲਈ ਪੁਖਤਾ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ, ਜਿਸ ਦਾ ਖਮਿਆਜ਼ਾ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਤਾਂ ਅੱਜ ਮੰਡੀਆਂ ਵਿਚ ਇਹ ਹਾਲਾਤ ਪੈਦਾ ਨਾ ਹੁੰਦੇ। ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦੀ ਰਫਤਾਰ ਬਹੁਤ ਹੀ ਸੁਸਤ ਹੈ, ਜਿਸ ਕਾਰਨ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਕਈ ਥਾਵਾਂ ’ਤੇ ਹਾਲਾਤ ਇਸ ਕਦਰ ਗੰਭੀਰ ਹੋ ਚੁੱਕੇ ਹਨ ਕਿ ਮੰਡੀਆਂ ਵਿਚ ਥਾਂ ਦੀ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਨਵੀਂ ਆ ਰਹੀ ਫਸਲ ਨੂੰ ਸੰਭਾਲਣਾ ਮੁਸ਼ਕਿਲ ਹੋ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਬਾਰਦਾਨੇ ਦੀ ਕਮੀ ਵੀ ਇੱਕ ਵੱਡੀ ਸਮੱਸਿਆ ਬਣ ਚੁੱਕੀ ਹੈ। ਕਿਸਾਨਾਂ ਨੂੰ ਆਪਣੀ ਫਸਲ ਨੂੰ ਸੰਭਾਲਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਬੋਰੀਆਂ ਦੀ ਘਾਟ ਕਾਰਨ ਕਣਕ ਨੂੰ ਖੁੱਲ੍ਹੇ ਵਿੱਚ ਢੇਰੀਆਂ ਵੱਜੋਂ ਰੱਖਣਾ ਪੈ ਰਿਹਾ ਹੈ। ਇਸ ਨਾਲ ਫਸਲ ਦੇ ਨੁਕਸਾਨ ਦਾ ਖਤਰਾ ਵੀ ਵੱਧ ਗਿਆ ਹੈ, ਖਾਸ ਕਰਕੇ ਜਦੋਂ ਮੌਸਮ ਵਿੱਚ ਅਚਾਨਕ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਅਸਮਾਨ ’ਤੇ ਛਾਏ ਬੱਦਲ ਕਿਸਾਨਾਂ ਅਤੇ ਮਜ਼ਦੂਰਾਂ ਲਈ ਚਿੰਤਾ ਦਾ ਕਾਰਨ ਬਣ ਰਹੇ ਹਨ। ਜੇਕਰ ਮੀਂਹ ਪੈ ਜਾਂਦਾ ਹੈ ਤਾਂ ਖੁੱਲ੍ਹੇ ਵਿਚ ਪਈ ਕਣਕ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਾਂਗਰਸ ਆਗੂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਨੇ ਹਮੇਸ਼ਾਂ ਵੱਡੇ ਵਾਅਦੇ ਕੀਤੇ ਪਰ ਜਮੀਨੀ ਪੱਧਰ ’ਤੇ ਉਹਨਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਬੈਠ ਕੇ ਆਪਣੀ ਵਾਰੀ ਦੀ ਉਡੀਕ ਕਰਨੀ ਪੈ ਰਹੀ ਹੈ ਅਤੇ ਉਹ ਸਰਕਾਰ ਨੂੰ ਕੋਸਣ ਲਈ ਮਜਬੂਰ ਹਨ। ਮਾਲਵਿਕਾ ਸੂਦ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ ਸਮੇਂ ਅਜਿਹੇ ਹਾਲਾਤ ਕਦੇ ਨਹੀਂ ਬਣੇ ਸਨ ਅਤੇ ਹਰ ਸੀਜ਼ਨ ਲਈ ਪਹਿਲਾਂ ਤੋਂ ਹੀ ਯੋਜਨਾਬੱਧ ਢੰਗ ਨਾਲ ਤਿਆਰੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਵੀ ਚਾਹੀਦਾ ਸੀ ਕਿ ਉਹ ਹਾੜੀ ਦੇ ਸੀਜ਼ਨ ਤੋਂ ਪਹਿਲਾਂ ਹੀ ਲਿਫਟਿੰਗ, ਬਾਰਦਾਨਾ ਅਤੇ ਸਟੋਰੇਜ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ, ਪਰ ਇਸ ਵਿਚ ਪੂਰੀ ਤਰ੍ਹਾਂ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਡੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਹੀ ਕਿਸਾਨ ਵਰਗ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਅੰਤ ਵਿਚ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਪ੍ਰਭਾਵ ਨਾਲ ਮੰਡੀਆਂ ਵਿੱਚ ਲਿਫਟਿੰਗ ਤੇਜ਼ ਕੀਤੀ ਜਾਵੇ, ਬਾਰਦਾਨੇ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਫਸਲ ਨੂੰ ਬਿਨਾਂ ਕਿਸੇ ਨੁਕਸਾਨ ਦੇ ਵੇਚ ਸਕਣ।


