ਪੰਜਾਬ ਦੇ ਰਾਜਨੀਤਿਕ ਮੰਚ ‘ਤੇ ਭਾਜਪਾ ਹੋ ਰਹੀ ਐ ਮਜ਼ਬੂਤ : ਸ਼ਮਸ਼ੇਰ ਸਿੰਘ ਕੈਲਾ

ਧਰਮਕੋਟ, 26 ਅਪ੍ਰੈਲ (ਜਸ਼ਨ ) ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਹੈ ਕਿ ਪੰਜਾਬ ਦੇ ਰਾਜਨੀਤਿਕ ਮੰਚ ‘ਤੇ ਭਾਜਪਾ ਦੀ ਹੋਂਦ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਸੂਬੇ ਦੀ ਸੱਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿਚ ਮਜ਼ਬੂਤ ਨੇਤ੍ਰਿਤਵ ਅਤੇ ਰਣਨੀਤਿਕ ਸੋਚ ਦੇ ਕਾਰਨ ਹੁਣ ਪੰਜਾਬ ਵਿਚ ਵੀ ਭਾਜਪਾ ਲਈ ਮਾਹੌਲ ਬਣਦਾ ਜਾ ਰਿਹਾ ਹੈ। ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਲੈ ਕੇ ਬਣਾਈ ਜਾ ਰਹੀ ਰਣਨੀਤੀ ਹੁਣ ਜ਼ਮੀਨ ‘ਤੇ ਨਜ਼ਰ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀਆਂ ਕੋਸ਼ਿਸ਼ਾਂ ਦਾ ਅਸਰ ਇਹ ਹੈ ਕਿ ਵੱਖ-ਵੱਖ ਰਾਜਨੀਤਿਕ ਧਿਰਾਂ ਦੇ ਆਗੂ ਹੁਣ ਭਾਜਪਾ ਵੱਲ ਰੁਝਾਨ ਦਿਖਾ ਰਹੇ ਹਨ, ਜੋ ਕਿ ਆਉਣ ਵਾਲੇ ਚੋਣੀ ਦ੍ਰਿਸ਼ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ। ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰਾਂ ਦਾ ਭਾਜਪਾ ਵਿਚ ਸ਼ਾਮਲ ਹੋਣਾ ਇੱਕ ਵੱਡਾ ਰਾਜਨੀਤਿਕ ਸੰਕੇਤ ਹੈ। ਇਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੇ ਅੰਦਰ ਆਮ ਆਦਮੀ ਪਾਰਟੀ ਵਿਚ ਅੰਦਰੂਨੀ ਅਸੰਤੋਸ਼ ਵਧ ਰਿਹਾ ਹੈ ਅਤੇ ਆਗੂਆਂ ਦਾ ਵਿਸ਼ਵਾਸ ਹੁਣ ਘਟਦਾ ਜਾ ਰਿਹਾ ਹੈ। ਕੈਲਾ ਨੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਆਮ ਆਦਮੀ ਪਾਰਟੀ ਦੇ ਮਜ਼ਬੂਤ ਸਥੰਭ ਮੰਨੇ ਜਾਂਦੇ ਸਨ, ਉਨ੍ਹਾਂ ਦਾ ਭਾਜਪਾ ਵਿਚ ਆਉਣਾ ਇਹ ਦਰਸਾਉਂਦਾ ਹੈ ਕਿ ਭਵਿੱਖ ਭਾਜਪਾ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ, ਸਥਿਰਤਾ ਅਤੇ ਮਜ਼ਬੂਤ ਪ੍ਰਸ਼ਾਸਨ ਦੀ ਲੋੜ ਮਹਿਸੂਸ ਕਰ ਰਹੇ ਹਨ ਅਤੇ ਇਹ ਸਭ ਕੁਝ ਸਿਰਫ਼ ਭਾਜਪਾ ਹੀ ਦੇ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪੰਜਾਬ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਲੋਕਾਂ ਵਿਚ ਭਾਜਪਾ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ। ਸ਼ਮਸ਼ੇਰ ਸਿੰਘ ਕੈਲਾ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਪੂਰੀ ਤਿਆਰੀ ਨਾਲ ਮੈਦਾਨ ਵਿਚ ਉਤਰੂਗੀ ਅਤੇ ਸੂਬੇ ਵਿਚ ਨਵਾਂ ਰਾਜਨੀਤਿਕ ਵਿਕਲਪ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਵੀ ਉਤਸ਼ਾਹ ਹੈ ਅਤੇ ਹਰ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।


