ਅਮਿਤ ਅਗਰਵਾਲ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਨਵੀਂ ਊਰਜਾ ਮਿਲੀ :ਸੁਖਜਿੰਦਰ ਸਿੰਘ ਵਾਂਦਰ

ਬਾਘਾਪੁਰਾਣਾ, 4 ਮਈ (ਜਸ਼ਨ ) ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਵਿਚ ਉਸ ਵੇਲੇ ਰਾਜਨੀਤਿਕ ਗਤੀਵਿਧੀਆਂ ਵਿਚ ਤੇਜ਼ੀ ਦੇਖੀ ਗਈ ਜਦੋਂ ਉੱਘੇ ਸਮਾਜ ਸੇਵੀ ਅਤੇ ਨੌਜਵਾਨ ਆਗੂ ਐਡਵੋਕੇਟ ਅਮਿਤ ਅਗਰਵਾਲ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਨਾਲ ਇਲਾਕੇ ਦੇ ਅਗਰਵਾਲ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਅਤੇ ਸਨਮਾਨਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਵਾਂਦਰ ਨੇ ਆਪਣੀ ਟੀਮ ਸਮੇਤ ਐਡਵੋਕੇਟ ਅਮਿਤ ਅਗਰਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਮਿਤ ਅਗਰਵਾਲ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਮੁਬਾਰਕਬਾਦ ਦਿੱਤੀ ਅਤੇ ਦੁਸ਼ਾਲਾ ਦੇ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਵੀ ਅਗਰਵਾਲ ਨੂੰ ਨਵੇਂ ਰਾਜਨੀਤਿਕ ਸਫਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੁਖਜਿੰਦਰ ਸਿੰਘ ਵਾਂਦਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਡਵੋਕੇਟ ਅਮਿਤ ਅਗਰਵਾਲ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਪ੍ਰਵਾਨਿਤ ਆਗੂ ਹਨ, ਜਿਨ੍ਹਾਂ ਦੀ ਭਾਜਪਾ ਵਿਚ ਸ਼ਮੂਲੀਅਤ ਨਾਲ ਬਾਘਾ ਪੁਰਾਣਾ ਹਲਕੇ ਵਿਚ ਪਾਰਟੀ ਨੂੰ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਅਮਿਤ ਅਗਰਵਾਲ ਦੀ ਸਮਾਜਿਕ ਸੇਵਾ ਅਤੇ ਲੋਕਾਂ ਵਿਚ ਮਜ਼ਬੂਤ ਪਕੜ ਪਾਰਟੀ ਲਈ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਨੇ ਵਿਸ਼ਵਾਸ਼ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਚੋਣਾਂ ਵਿਚ ਵੀ ਚੰਗਾ ਪ੍ਰਦਰਸ਼ਨ ਕਰੇਗੀ। ਦੂਜੇ ਪਾਸੇ ਐਡਵੋਕੇਟ ਅਮਿਤ ਅਗਰਵਾਲ ਨੇ ਇਸ ਮੌਕੇ ਪਾਰਟੀ ਆਗੂਆਂ ਵੱਲੋਂ ਦਿੱਤੇ ਗਏ ਮਾਣ -ਸਨਮਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਮੌਜੂਦ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਮਿਤ ਅਗਰਵਾਲ ਵਰਗੇ ਨੌਜਵਾਨ ਅਤੇ ਉਤਸ਼ਾਹੀ ਆਗੂ ਦੀ ਭਾਜਪਾ ਵਿਚ ਸ਼ਮੂਲੀਅਤ ਨਾਲ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰ ਪੂਰੀ ਇਕਜੁੱਟਤਾ ਨਾਲ ਕੰਮ ਕਰਦੇ ਹੋਏ ਹਲਕੇ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਨ।


