2027 ਚੋਣਾਂ ਲਈ ਮੋਗਾ ’ਚ ਕਾਂਗਰਸ ਸਰਗਰਮ, ਮਾਲਵਿਕਾ ਸੂਦ ਵੱਲੋਂ ਲੋਕ ਮਿਲਣੀਆਂ ਦਾ ਦੌਰ ਤੇਜ਼

ਮੋਗਾ, 14 ਮਈ (jashan ) ਮੋਗਾ ਵਿਧਾਨ ਸਭਾ ਹਲਕੇ ਅੰਦਰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਸਰਗਰਮੀਆਂ ਵਿਚ ਤੇਜ਼ੀ ਆ ਗਈ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਇਕੱਠ ਮਾਲਵਿਕਾ ਸੂਦ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਵੀ ਦਰਸਾ ਰਹੇ ਹਨ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦਿਆਂ ਮਾਲਵਿਕਾ ਸੂਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦੇ ਰਹੀ ਹੈ। ਪਿੰਡਾਂ ਵਿਚ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਜਾ ਰਹੀ ਹੈ, ਜਿਸ ਨਾਲ ਕਾਂਗਰਸ ਪਾਰਟੀ ਦੇ ਹੌਂਸਲੇ ਹੋਰ ਬੁਲੰਦ ਹੋ ਰਹੇ ਹਨ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ   ਮਾਲਵਿਕਾ ਸੂਦ ਨੇ ਸੂਬੇ ਦੀ ਸੱਤਾਧਾਰੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਜਿਨ੍ਹਾਂ ਵਾਅਦਿਆਂ ਅਤੇ ਗਰੰਟੀਆਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਉਹ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਸੱਤਾਧਾਰੀ ਪਾਰਟੀ ਨੂੰ ਇੱਕ ਮੌਕਾ ਦਿੱਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਨੇਤਾ ਪਹਿਲਾਂ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀਆਂ ਗੱਲਾਂ ਕਰਦੇ ਸਨ, ਉਹ ਅੱਜ ਸੱਤਾ ਦੇ ਨਸ਼ੇ ਵਿਚ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਵੀ ਭੁੱਲ ਗਏ ਹਨ। ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਸਲ ਤਰੱਕੀ ਅਤੇ ਖੁਸ਼ਹਾਲੀ ਸਿਰਫ ਕਾਂਗਰਸ ਪਾਰਟੀ ਦੇ ਰਾਜ ਵਿਚ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਇਹੀ ਰਾਹ ਜਾਰੀ ਰਹੇਗਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਮੌਕਾ ਮਿਲਦਾ ਹੈ ਤਾਂ ਮੋਗਾ ਹਲਕੇ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਵਿਸ਼ਵਾਸ ਜਤਾਇਆ ਕਿ ਮੋਗਾ ਵਿਧਾਨ ਸਭਾ ਹਲਕੇ ਦੇ ਵੋਟਰ ਇਸ ਵਾਰ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਇਹ ਦਰਸਾਉਂਦਾ ਹੈ ਕਿ ਹਲਕੇ ਵਿਚ ਬਦਲਾਅ ਦੀ ਲਹਿਰ ਬਣ ਰਹੀ ਹੈ। ਇਸ ਮੌਕੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਮਾਲਵਿਕਾ ਸੂਦ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮੋਗਾ ਵਿਚ ਨਵੀਂ ਮਜ਼ਬੂਤੀ ਨਾਲ ਉਭਰ ਰਹੀ ਹੈ। ਲੋਕ ਮਿਲਣੀਆਂ ਦਾ ਇਹ ਦੌਰ ਆਉਣ ਵਾਲੀਆਂ ਚੋਣਾਂ ਤੱਕ ਜਾਰੀ ਰਹੇਗਾ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।