ਨੀਟ ਪ੍ਰੀਖਿਆ ਪੇਪਰ ਲੀਕ :ਮੋਗਾ ਕਾਂਗਰਸ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੇਂਦਰੀ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ, ਅਸਤੀਫੇ ਦੀ ਕੀਤੀ ਮੰਗ

ਮੋਗਾ, 2 ਜੂਨ (JASHAN ) ਮੈਡੀਕਲ ਦਾਖਲਿਆਂ ਲਈ ਹੋਣ ਵਾਲੀ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਨੇ ਦੇਸ਼ ਭਰ ਵਿਚ ਸਿਆਸੀ ਤਪਸ਼ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੜੇ ਸ਼ਬਦਾਂ ਵਿਚ ਘੇਰਿਆ ਹੈ। ਮੋਗਾ ਵਿਚ ਜ਼ਿਲਾ ਕਾਂਗਰਸ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ (ਵਿਧਾਨ ਸਭਾ ਹਲਕਾ ਮੋਗਾ) ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨੀਟ ਵਰਗੀ ਮਹੱਤਵਪੂਰਨ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੇ ਬਰਾਬਰ ਹੈ। ਹਰੀ ਸਿੰਘ ਖਾਈ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਸੰਭਾਲਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਪ੍ਰੀਖਿਆ ਤੋਂ ਪਹਿਲਾਂ ਹੀ ਪੇਪਰ ਲੀਕ ਹੋ ਜਾਂਦਾ ਹੈ ਤਾਂ ਇਹ ਪ੍ਰਣਾਲੀ ਦੀ ਵੱਡੀ ਨਾਕਾਮੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਵੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨੀਟ ਪੇਪਰ ਲੀਕ ਮਾਮਲਾ ਸਿੱਧਾ ਵਿਦਿਆਰਥੀਆਂ ਨਾਲ ਧੋਖਾਧੜੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਆਪਣੇ ਸੁਪਨੇ ਸ਼ਾਕਾਰ ਕਰਨ ਲਈ ਤਿਆਰੀ ਕਰਦੇ ਹਨ, ਤਦ ਇਸ ਤਰ੍ਹਾਂ ਦੇ ਘੋਟਾਲੇ ਉਨ੍ਹਾਂ ਦੀ ਮਿਹਨਤ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ‘ਨੀਟ ਪੇਪਰ ਲੀਕ ਕਰਨ ਵਾਲਾ ਮੰਤਰੀ ਅਤੇ ਬੱਚਿਆਂ ਨਾਲ ਧੋਖਾ ਕਰਨ ਵਾਲਾ ਮੰਤਰੀ ਅਸਤੀਫਾ ਦੇਵੇ। ਇਸ ਮੌਕੇ ਕਾਂਗਰਸ ਵਰਕਰਾਂ ਵੱਲੋਂ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨ ਦੌਰਾਨ ਮਾਹੌਲ ਕਾਫ਼ੀ ਗਰਮ ਰਿਹਾ ਅਤੇ ਵਰਕਰਾਂ ਨੇ ਹੱਥਾਂ ਵਿਚ ਬੈਨਰ ਅਤੇ ਤਖ਼ਤੀਆਂ ਫੜ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਪ੍ਰਦਰਸ਼ਨ ਵਿਚ ਵਿਨੋਦ ਬਾਂਸਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਮਨਜੀਤ ਸਿੰਘ ਮਾਨ (ਪੀਪੀਸੀਸੀ ਮੈਂਬਰ ਅਤੇ ਕੌਂਸਲਰ),ਸਾਬਕਾ ਵਿਧਾਇਕ ਵਿਜੈ ਸਾਥੀ, surinder bawa , ਸਵਰਨ ਸਿੰਘ ਆਦੀਵਾਲ (ਸੇਵਾਦਾਰ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ),pr ਪੂਰਨ ਸਿੰਘ ,ਹਨੀ ਸੋਢੀ , ਸ਼ਹਿਰੀ ਪ੍ਰਧਾਨ ਮਿੱਕੀ ਹੁੰਦਲ, ਲਾਲੀ ਬੁੱਟਰ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ, ਜਸਪਾਲ ਡਰੋਲੀ, ਗੁਰਬਚਨ ਸਿੰਘ ਬਰਾੜ (ਬਾਘਾ ਪੁਰਾਣਾ), ਜਗਸੀਰ ਸਿੰਘ ਕਾਲੇਕੇ ਸੇਵਾਦਾਰ ਹਲਕਾ ਬਾਘਾ ਪੁਰਾਣਾ, ਉਪਿੰਦਰ ਗਿੱਲ, ਗੁਰਨੂਰ ਮਾਨ ਦੌਧਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਹੀ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੇ ਹੱਕਾਂ ਲਈ ਕਾਂਗਰਸ ਸੜਕਾਂ ’ਤੇ ਲੜਾਈ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਰਗੇ ਸੰਵੇਦਨਸ਼ੀਲ ਖੇਤਰ ਵਿਚ ਇਸ ਤਰ੍ਹਾਂ ਦੀ ਲਾਪਰਵਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।


