ਨਗਰ ਨਿਗਮ ਚੋਣਾਂ ’ਚ ਜਿੱਤਣ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਮਾਲਵਿਕਾ ਸੂਦ ਵੱਲੋਂ ਵਧਾਈ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਸਰਗਰਮੀਆਂ ਤੇਜ਼ ਕਰਨ ਦੀ ਅਪੀਲ
ਮੋਗਾ, 2 ਜੂਨ (GURJANT SINGH ) ਹਲਕਾ ਇੰਚਾਰਜ ਮਾਲਵਿਕਾ ਸੂਦ (ਵਿਧਾਨ ਸਭਾ ਹਲਕਾ ਮੋਗਾ) ਵੱਲੋਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੇ ਕਾਂਗਰਸ ਪਾਰਟੀ ’ਤੇ ਆਪਣਾ ਭਰੋਸਾ ਜਤਾਇਆ ਹੈ, ਜੋ ਕਿ ਲੋਕਤੰਤਰ ਦੀ ਜਿੱਤ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਹਰ ਤਰ੍ਹਾਂ ਦੇ ਦਬਾਅ ਅਤੇ ਧੱਕੇਸ਼ਾਹੀ ਦੇ ਮਾਹੌਲ ਦੇ ਬਾਵਜੂਦ ਕਾਂਗਰਸ ਦੇ ਉਮੀਦਵਾਰਾਂ ਨੂੰ ਆਪਣੇ ਵਾਰਡਾਂ ਦਾ ਕੌਂਸਲਰ ਚੁਣਿਆ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ ਉਮੀਦਵਾਰਾਂ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਸੱਚ ਅਤੇ ਨਿਆਂ ਦਾ ਸਾਥ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਉਮੀਦਵਾਰ ਇਸ ਚੋਣ ਵਿਚ ਜਿੱਤ ਨਹੀਂ ਸਕੇ, ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਸੂਦ ਨੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡਾਂ ਵਿਚ ਡਟੇ ਰਹਿਣ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤ-ਹਾਰ ਦਾ ਹਿੱਸਾ ਹੁੰਦੀਆਂ ਹਨ, ਪਰ ਸੇਵਾ ਦਾ ਜਜ਼ਬਾ ਹਮੇਸ਼ਾ ਜਾਰੀ ਰਹਿਣਾ ਚਾਹੀਦਾ ਹੈ। ਮਾਲਵਿਕਾ ਸੂਦ ਨੇ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਵਰਕਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਜੋ ਧੱਕੇਸ਼ਾਹੀ ਕੀਤੀ ਗਈ ਹੈ, ਉਸ ਦਾ ਮੂੰਹਤੋੜ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਲਈ ਤਿਆਰ ਹਨ ਅਤੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਮਨ ਬਣਾ ਚੁੱਕੇ ਹਨ। ਸੂਦ ਨੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਸੂਬੇ ਦੇ ਲੋਕ ਸੱਤਾਧਾਰੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮਿਹਨਤ ਕਰਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਮਿਲ ਸਕੇ। ਅੰਤ ਵਿਚ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਲੋਕਾਂ ਦਾ ਵਿਸ਼ਵਾਸ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ, ਜਿਸ ਦੇ ਆਧਾਰ ’ਤੇ ਆਉਣ ਵਾਲੇ ਸਮੇਂ ਵਿਚ ਨਵਾਂ ਇਤਿਹਾਸ ਰਚਿਆ ਜਾਵੇਗਾ।


