ਸ਼ਿਆਮ ਪਰਿਵਾਰ ਸੰਘ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਸਨਮਾਨ

*ਦਿਨੇਸ਼ ਗੁਪਤਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਪ੍ਰੇਰਣਾਦਾਇਕ ਤੇ ਸ਼ਲਾਘਾਯੋਗ : ਡਿਪਟੀ ਕਮਿਸ਼ਨਰ ਸਾਗਰ ਸੇਤੀਆ
ਮੋਗਾ, 11 ਜੂਨ (JASHAN): ਸ਼੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਅਤੇ ਪ੍ਰਸਿੱਧ ਸਮਾਜ ਸੇਵੀ ਦਿਨੇਸ਼ ਗੁਪਤਾ, ਗਿਰੀਸ਼ ਮਿੱਤਲ (ਦਿੱਲੀ), ਕੁਮਾਰ ਉੱਧਵ (ਕੋਟਕਪੂਰਾ), ਯੋਗੇਸ਼ ਸ਼ਰਮਾ (ਦਿੱਲੀ) ਅਤੇ ਸੰਘ ਦੇ ਹੋਰ ਮੈਂਬਰਾਂ ਵੱਲੋਂ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਬੁਕੇ, ਦੋਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਦਿਨੇਸ਼ ਗੁਪਤਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜ ਬਹੁਤ ਹੀ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਜਿਹੇ ਕਾਰਜਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਦਾ ਕੰਮ ਕਰਦੀਆਂ ਹਨ, ਜਿਸ ਨਾਲ ਆਪਸੀ ਵਿਸ਼ਵਾਸ ਅਤੇ ਮਨੋਬਲ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਹੋਰ ਵੀ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਹੈ। ਇਸ ਮੌਕੇ ਸ਼੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਦਿਨੇਸ਼ ਗੁਪਤਾ ਨੇ ਦੱਸਿਆ ਕਿ ਸੰਘ ਵੱਲੋਂ ਨਿਰਜਲਾ ਇਕਾਦਸ਼ੀ ਦੇ ਉਪਲੱਖ ਵਿੱਚ 24 ਤੋਂ 26 ਜੂਨ ਤੱਕ ਖਾਟੂ ਸ਼ਿਆਮ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਸੱਦਾ ਪੱਤਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਘ ਦਾ ਮੁੱਖ ਉਦੇਸ਼ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਸਮਾਜ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਉਨ੍ਹਾਂ ਦੱਸਿਆ ਕਿ ਸੰਘ ਵੱਲੋਂ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ 150 ਰਿਫਲੈਕਟਰ ਕੋਟ ਭੇਟ ਕੀਤੇ ਗਏ ਹਨ। ਇਸ ਤੋਂ ਇਲਾਵਾ ਐੱਸ.ਐੱਸ.ਪੀ. ਦਫ਼ਤਰ ਨੇੜੇ ਆਉਣ ਵਾਲੇ ਲੋਕਾਂ ਅਤੇ ਕਰਮਚਾਰੀਆਂ ਲਈ ਠੰਢੇ ਪਾਣੀ ਦੀ ਸਹੂਲਤ ਵਾਸਤੇ ਆਰ.ਓ. ਵਾਟਰ ਕੂਲਰ ਲਗਾਇਆ ਗਿਆ ਹੈ। ਕੋਵਿਡ ਮਹਾਮਾਰੀ ਦੌਰਾਨ ਸੰਘ ਵੱਲੋਂ 600 ਫੇਸ ਸ਼ੀਲਡ, 600 ਮਾਸਕ ਅਤੇ 150 ਪੀ.ਪੀ.ਈ. ਕਿੱਟਾਂ ਸਿਵਲ ਹਸਪਤਾਲ ਨੂੰ ਭੇਟ ਕੀਤੀਆਂ ਗਈਆਂ। ਇਸ ਦੇ ਨਾਲ ਹੀ ਸੈਂਕੜਿਆਂ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ, 610 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਲਗਭਗ 35 ਹਜ਼ਾਰ ਪਰਿਵਾਰਾਂ ਨੂੰ ਸਵੇਰੇ ਅਤੇ ਸ਼ਾਮ ਦਾ ਸਫ਼ਾਈ ਨਾਲ ਪੈਕ ਕੀਤਾ ਭੋਜਨ ਵੀ ਵੰਡਿਆ ਗਿਆ।ਦਿਨੇਸ਼ ਗੁਪਤਾ ਨੇ ਕਿਹਾ ਕਿ ਸ਼੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਵੱਲੋਂ ਸਮਾਜ ਸੇਵਾ ਦੇ ਇਹ ਕਾਰਜ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।


