ਸਬਜ਼ੀ ਮੰਡੀ ਵਿੱਚ ਬਣ ਰਹੀਆਂ ਦੁਕਾਨਾਂ ਦੇ ਨਿਰਮਾਣ ਕਾਰਜਾਂ ਦਾ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਿਰੀਖਣ, ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਗਾ, 12 ਜੂਨ ( ) : ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਬਜ਼ੀ ਮੰਡੀ ਵਿੱਚ ਬਣ ਰਹੀਆਂ ਨਵੀਆਂ ਦੁਕਾਨਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਪਾਰੀਆਂ ਅਤੇ ਆਮ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਬਜ਼ੀ ਮੰਡੀ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਅਤੇ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਦੇ ਦੁਕਾਨਦਾਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਉਪਰੰਤ ਹਲਕਾ ਵਿਧਾਇਕਾ ਨੇ ਨੇਹਰੂ ਪਾਰਕ ਅਤੇ ਜਵਾਹਰ ਨਗਰ ਮੋੜ ਨੇੜੇ ਸਥਿਤ ਕਬੀਰ ਮੰਦਰ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਡਾ. ਅਰੋੜਾ ਨੇ ਕਿਹਾ ਕਿ ਸੰਗਤ ਦੀ ਮੰਗ ਅਨੁਸਾਰ ਮੰਦਰ ਦੇ ਵਿਕਾਸ ਅਤੇ ਸੇਵਾ ਕਾਰਜਾਂ ਲਈ ਜੋ ਵੀ ਸੰਭਵ ਹੋਵੇਗਾ, ਉਹ ਯੋਗਦਾਨ ਦਿੱਤਾ ਜਾਵੇਗਾ ਅਤੇ ਜਲਦੀ ਹੀ ਲੋੜੀਂਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਬਿਹਤਰੀ ਅਤੇ ਸੰਗਤ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਪਾਰਸ਼ਦ ਗੌਰਵ ਗਰਗ, ਪਾਰਸ਼ਦ ਸੰਜੇ ਸ਼ਰਮਾ, ਸੰਜੀਵ ਅਰੋੜਾ, ਸਬਜ਼ੀ ਮੰਡੀ ਦੇ ਦੁਕਾਨਦਾਰ ਅਤੇ ਕਬੀਰ ਮੰਦਰ ਇਲਾਕੇ ਦੇ ਵਸਨੀਕ ਹਾਜ਼ਰ ਸਨ।


