ਕਾਂਗਰਸ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਵਰਕਰ ਪੂਰੀ ਤਰ੍ਹਾਂ ਸਰਗਰਮ : ਗੋਗੀ ਦੌਧਰੀਆ

ਮੋਗਾ , 19 ਜੂਨ (ਜਸ਼ਨ ) : 
ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸੰਗਠਨਾਤਮਕ ਅਤੇ ਜਨ ਸੰਪਰਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧੀ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਗੋਗੀ ਦੌਧਰੀਆ ਨੇ ਕਿਹਾ ਕਿ ਮੋਗਾ ਵਿਧਾਨ ਸਭਾ ਹਲਕੇ ਵਿਚ ਵੀ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿਚ ਖਾਸਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਪਾਰਟੀ ਵਰਕਰ ਲਗਾਤਾਰ ਲੋਕਾਂ ਵਿਚ ਜਾ ਕੇ ਪਾਰਟੀ ਦਾ ਅਧਾਰ ਮਜ਼ਬੂਤ ਕਰਨ ਵਿਚ ਜੁਟੇ ਹੋਏ ਹਨ। ਵੱਖ-ਵੱਖ ਇਲਾਕਿਆਂ ’ਚ ਕੀਤੀਆਂ ਜਾ ਰਹੀਆਂ ਮੀਟਿੰਗਾਂ, ਸਮਾਜਿਕ ਅਤੇ ਜਨਹਿੱਤ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਨੇ ਪਿਛਲੇ ਸਮੇਂ ਦੌਰਾਨ ਹਲਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਹੈ, ਜਿਸ ਕਾਰਨ ਉਨ੍ਹਾਂ ਦੀ ਲੋਕਪ੍ਰਿਯਤਾ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਲਵਿਕਾ ਸੂਦ ਦੀ ਸਾਫ਼-ਸੁਥਰੀ ਛਵੀ, ਲੋਕ ਸੇਵਾ ਪ੍ਰਤੀ ਵਚਨਬੱਧਤਾ ਅਤੇ ਹਰ ਵਰਗ ਦੇ ਲੋਕਾਂ ਨਾਲ ਮਜ਼ਬੂਤ ਸਬੰਧ ਉਨ੍ਹਾਂ ਨੂੰ ਇੱਕ ਮਜ਼ਬੂਤ ਉਮੀਦਵਾਰ ਵਜੋਂ ਸਥਾਪਿਤ ਕਰਦੇ ਹਨ। ਗੋਗੀ ਦੌਧਰੀਆ ਨੇ ਕਿਹਾ ਕਿ ਮੋਗਾ ਹਲਕੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਇਸ ਵਾਰ ਕਾਂਗਰਸ ਨੂੰ ਭਾਰੀ ਸਮਰਥਨ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵਰਕਰਾਂ ’ਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਚੋਣਾਂ ਤੋਂ ਪਹਿਲਾਂ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਗਰਮ ਹਨ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਚੋਣਾਂ ਵਿਚ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।