ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮੋਗਾ, 23 ਜੂਨ (JASHAN ): ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਇਸ ਮੌਕੇ ਵਿਧਾਇਕ ਨੇ ਪਿੰਡ ਵਿੱਚ ਚੱਲ ਰਹੇ ਛੱਪੜ ਦੇ ਨਿਰਮਾਣ ਕਾਰਜ, ਸਾਫ਼ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਨਹਿਰੀ ਪਾਣੀ ਦੀ ਪਾਈਪਲਾਈਨ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਡਾ. ਅਰੋੜਾ ਨੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ, ਬਿਹਤਰ ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵਿਕਾਸ ਯੋਜਨਾਵਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਤਜਿੰਦਰ ਸਿੰਘ ਸੇਬੀ, ਗੁਰਮੀਤ ਸਿੰਘ, ਜਗਦੀਪ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਵੀ ਚੱਲ ਰਹੇ ਵਿਕਾਸ ਕਾਰਜਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।


