ਦੌਲਤਪੁਰਾ ਨੀਵਾਂ ਵਿੱਚ ਨਵੇਂ ਵਾਲੀਬਾਲ ਗਰਾਊਂਡ ਅਤੇ ਪਾਰਕ ਦਾ ਉਦਘਾਟਨ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸ਼ੁਭ ਆਰੰਭ

ਮੋਗਾ, 23 ਜੂਨ (ਜਸ਼ਨ  ) : ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਦੌਲਤਪੁਰਾ ਨੀਵਾਂ ਵਿੱਚ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਨਵੇਂ ਬਣੇ ਵਾਲੀਬਾਲ ਗਰਾਊਂਡ ਅਤੇ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਉਦਘਾਟਨ ਸਮਾਗਮ ਦੌਰਾਨ ਵਿਧਾਇਕ ਡਾ. ਅਰੋੜਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ਅਤੇ ਪਾਰਕ ਦੀ ਉਸਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਪਿੰਡ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਬਰਾੜ, ਆਗਿਆਪਾਲ ਸਿੰਘ, ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪਿੰਡ ਵਾਸੀਆਂ ਨੇ ਵੀ ਨਵੇਂ ਵਾਲੀਬਾਲ ਗਰਾਊਂਡ ਅਤੇ ਪਾਰਕ ਦੇ ਨਿਰਮਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਪਿੰਡ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।