ਮੋਗਾ ਜ਼ਿਲ੍ਹੇ ਦੇ ਪਿੰਡ ਮੱਲੀਆਂਵਾਲਾ ਵਿੱਚ ਕਾਂਗਰਸ ਨੂੰ ਝਟਕਾ, ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਆਪ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 22 ਜੂਨ ( JASHAN )- ਮੋਗਾ ਜ਼ਿਲ੍ਹੇ ਦੇ ਪਿੰਡ ਮੱਲੀਆਂਵਾਲਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਗੁਰਜੰਟ ਸਿੰਘ, ਪੂਰਨ ਸਿੰਘ ਅਤੇ ਲਖਵੀਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਉਨ੍ਹਾਂ ਨੂੰ ਆਪ ਪਾਰਟੀ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਮੱਲੀ ਦੇ ਯਤਨਾਂ ਸਦਕਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ Dr. Amandeep Kaur Arora ਡਾ. ਅਮਨਦੀਪ ਕੌਰ ਅਰੋੜਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕ ਭਲਾਈ ਤੇ ਵਿਕਾਸ ਨਾਲ ਜੁੜੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪੰਚ ਰਾਮ ਸਿੰਘ, ਪੰਚ ਗੁਰਜੰਟ ਸਿੰਘ ਸਮੇਤ ਹੋਰ ਪਾਰਟੀ ਵਰਕਰ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸਾਰਿਆਂ ਨੇ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਖੇਤਰ ਦੇ ਵਿਕਾਸ ਲਈ ਕੰਮ ਕਰਨ ਦਾ ਸੰਕਲਪ ਲਿਆ।