ਧਰਮ ਦਾ ਸਹਾਰਾ ਲੈ ਕੇ ਮੁੱਖ ਮੰਤਰੀ ਸਾਹਿਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਮੂੰਹ ਦੀ ਖਾਣੀ ਪਵੇਗੀ – ਅੰਮ੍ਰਿਤਪਾਲ ਸਿੰਘ ਖਾਲਸਾ

ਵਿਕਾਸ ਦੀ ਰਾਜਨੀਤੀ ਵਿੱਚ ਮੁੱਦਾਹੀਣ ਹੋਈਆਂ ਵਿਰੋਧੀ ਧਿਰਾਂ ਧਰਮ ਦਾ ਸਹਾਰਾ ਲੈ ਰਹੀਆਂ ਹਨ
 
ਮੋਗਾ, 27 ਜੂਨ:(jashan ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਨੂੰ ਬਦਨਾਮ ਕਰਨ ਲਈ ਵਿਰੋਧੀ ਧਿਰਾਂ ਵੱਲੋਂ ਨਕਲੀ ਵੀਡੀਓਆਂ ਅਤੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਪਰ ਇੱਕ ਦਿਨ ਇਨ੍ਹਾਂ ਨੂੰ ਆਪਣੇ ਇਸ ਕੂੜ ਪ੍ਰਚਾਰ ਦੀ ਮੂੰਹ ਦੀ ਖਾਣੀ ਪਵੇਗੀ।
ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਵਿਰੋਧੀ ਧਿਰਾਂ ਮੁੱਦਾਹੀਣ ਹੋ ਚੁੱਕੀਆਂ ਹਨ। ਇਸੇ ਕਾਰਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ,ਅਕਾਲੀ ਦਲ ਬਾਦਲ ਅਤੇ ਭਾਜਪਾ ਨਾਲ ਜੁੜੇ ਕਈ ਵਿਵਾਦਾਂ ਜਿਵੇਂ ਕਿ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਉੱਪਰ ਅਟੈਕ ਕਰਨਾ,ਸਿੱਖ ਨੌਜਵਾਨਾਂ ਦੀ ਨਸਲਕੁਸ਼ੀ,ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ,ਬਰਗਾੜੀ ਅਤੇ ਬਹਿਬਲ ਕਾਂਡ,ਸ੍ਰੀ ਅਕਾਲ ਤਖਤ ਸਾਹਿਬ ਤੇ ਸਾਰਾ ਕੁੱਝ ਮੰਨ ਕੇ ਮੁਕਰਨਾ,ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ 'ਮਾਈ ਕੰਟਰੀ ਮਾਈ ਲਾਈਫ' ਅਨੁਸਾਰ ਇੰਦਰਾ ਗਾਂਧੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਟੈਕ ਕਰਨ ਲਈ ਦਬਾਅ ਬਣਾਉਣਾ, ਕਿਸਾਨ ਅੰਦੋਲਨ ਵਿੱਚ 700 ਤੋਂ ਉੱਪਰ ਕਿਸਾਨਾਂ ਦੀ ਸ਼ਹੀਦੀ ਆਦਿ ਘਟਨਾਵਾਂ ਬਾਰੇ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਇਹ ਪਾਰਟੀਆਂ ਵਿਕਾਸ ਅਤੇ ਲੋਕ-ਹਿਤ ਦੇ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁਕਾਬਲਾ ਨਹੀਂ ਕਰ ਸਕੀਆਂ ਤਾਂ ਇਨ੍ਹਾਂ ਨੇ ਧਾਰਮਿਕ ਮੁੱਦਿਆਂ ਨੂੰ ਰਾਜਨੀਤਿਕ ਤੌਰ 'ਤੇ ਵਰਤਣਾ ਸ਼ੁਰੂ ਕਰ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਖ਼ਿਲਾਫ਼ ਚਲਾਈ ਗਈ ਵੀਡੀਓ ਮੁਹਿੰਮ ਬਾਰੇ ਕਈ ਸਵਾਲ ਖੜ੍ਹੇ ਹੋਏ ਹਨ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਇਸ ਵੀਡੀਓ ਨੂੰ ਮਾਸਕ ਪਾ ਕੇ ਬਣਾਉਣ ਦਾ ਪਰਦਾਫਾਸ਼ ਵੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ,ਪਰ ਰਾਜਨੀਤਿਕ ਪ੍ਰਭਾਵ ਹੇਠ ਲਏ ਜਾਣ ਵਾਲੇ ਫੈਸਲਿਆਂ ਨੂੰ ਲੋਕਾਂ ਵੱਲੋਂ ਸਵੀਕਾਰ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ਿਤ ਰਹਿਤ ਮਰਿਆਦਾ ਵਿੱਚ ਫੋਟੋਆਂ ਜਾਂ ਮੂਰਤੀਆਂ ਨੂੰ ਗੁਰੂ ਮੰਨਣ ਜਾਂ ਪੂਜਣ ਸਬੰਧੀ ਕੋਈ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਪਹਿਲੇ ਦਿਨ ਤੋਂ ਹੀ ਚਰਚਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਖਾਲਸਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਆਗੂਆਂ ਦੀ ਭੂਮਿਕਾ ਬਾਰੇ ਵੀ ਪੰਜਾਬ ਦੇ ਲੋਕ ਸਭ ਜਾਣਦੇ ਹਨ ਜਦਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਤਾਂ ਮੀਡੀਆ ਸਾਹਮਣੇ ਹੀ ਕਹਿ ਦਿੱਤਾ ਹੈ ਕਿ ਉਹ ਸੁਖਬੀਰ ਬਾਦਲ ਦੇ ਵਫਾਦਾਰ ਸਿਪਾਹੀ ਹਨ ਇਸੇ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਕੁਝ ਕਾਰਵਾਈਆਂ ਨੇ ਇਹ ਪ੍ਰਭਾਵ ਪੈਦਾ ਕੀਤਾ ਹੈ ਕਿ ਸੰਸਥਾਵਾਂ ਨੂੰ ਰਾਜਨੀਤਿਕ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਦੁਨੀਆ ਭਰ ਦੇ ਹਰ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਅਤੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ,ਸਰਵਉੱਚਤਾ ਅਤੇ ਸਾਖ ਨੂੰ ਬਰਕਰਾਰ ਰੱਖਣ ਲਈ ਹਰ ਫੈਸਲਾ ਕੇਵਲ ਧਾਰਮਿਕ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਅਨੁਸਾਰ ਹੀ ਲਿਆ ਜਾਵੇ।
ਅੰਤ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜਿੰਨਾ ਮਰਜ਼ੀ ਕੂੜ ਪ੍ਰਚਾਰ ਕਰ ਲੈਣ, ਪੰਜਾਬ ਦੇ ਲੋਕ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਹੀ ਤਰਜੀਹ ਦੇਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫੈਸਲਾ ਸਪੱਸ਼ਟ ਤੌਰ 'ਤੇ ਸੁਣਾਉਣਗੇ।