ਕੈਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਮਿਸ਼ਨ ਹਰਿਆਲੀ 2026 ਦੇ ਅਗਲੇ ਪੜਾਅ ਤਹਿਤ ਸਕੂਲ ਵਿੱਚ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਹਰਿਆਲੀ 2026 ਵਿੱਚ ਆਪਣਾ ਯੋਗਦਾਨ ਪਾਉਣ ਲਈ ਸਕੂਲ ਦੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ , ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵੀ ਹਾਜ਼ਰ ਸਨ। ਕੁਲਦੀਪ ਸਿੰਘ ਸਹਿਗਲ ਨੇ ਵਿਦਿਆਰਥੀਆਂ ਨੂੰ ਆਪਣੇ ਆਲ਼ੇ- ਦੁਆਲ਼ੇ ਅਤੇ ਹੋਰ ਉਚਿਤ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਅਤੇ ਉਹਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਸਰਦਾਰ ਕੁਲਦੀਪ ਸਿੰਘ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੁਂਖ ਲਗਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ ਅਤੇ ਸਾਨੂੰ ਸਭ ਨੂੰ ਵਾਤਾਵਰਨ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮਿਸ਼ਨ ਹਰਿਆਲੀ 2026 ਨੂੰ ਸਫ਼ਲ ਬਣਾਉਣਾ ਸਾਡਾ ਸਭ ਦਾ ਫਰਜ਼ ਹੈ। ਸਕੂਲ ਹਰ ਸਮੇਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਆਫ਼ ਪੰਜਾਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ। ਸਕੂਲ ਦੇ ਪ੍ਰਿੰਸੀਪਲ ਨੇ ਵੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 5 ਜੁਲਾਈ ਤੋਂ 15 ਜੁਲਾਈ ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਥਾਵਾਂ ਤੇ ਪੌਦੇ ਲਗਾਏ ਹਨ ਅਤੇ ਇਸ ਵਿਸ਼ਵ ਰਿਕਾਰਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਨਲਾਈਨ ਸਰਟੀਫਿਕੇਟ ਜਾਰੀ ਵੀ ਕੀਤੇ ਗਏ ਹਨ। ਡਾਕਟਰ ਜਗਜੀਤ ਸਿੰਘ ਧੂਰੀ ਵੱਲੋਂ ਆਰੰਭਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅੱਜ ਪੰਜਾਬ ਦੀ ਧਰਤੀ ਨੂੰ ਮਾਰੂਥਲ ਬਣਨ ਤੋਂ ਬਚਾਉਣ ਲਈ ਸਾਡੇ ਸਭ ਦੇ ਸਾਂਝੇ ਯਤਨਾਂ ਦੀ ਲੋੜ ਹੈ।


