ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਾਰਡ ਨੰਬਰ 7 ਵਿੱਚ ਸੀਵਰੇਜ ਦੇ ਕੰਮ ਦਾ ਉਦਘਾਟਨ

ਮੋਗਾ, 14 ਜੁਲਾਈ ( JASHAN ) : ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਵਾਰਡ ਨੰਬਰ 7 ਦੇ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਵਿੱਚ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਬਿਨੇਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਵਰਿੰਦਰ, ਗੁਰਬਚਨ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਬਣੀ ਹੋਈ ਸੀ, ਜਿਸ ਦਾ ਹੁਣ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਡਾ. ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੀਵਰੇਜ ਦਾ ਕੰਮ ਮੁਕੰਮਲ ਹੁੰਦੇ ਹੀ ਇਲਾਕੇ ਵਿੱਚ ਨਵੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਤੁਰੰਤ ਸ਼ੁਰੂ ਕਰਵਾਇਆ ਜਾਵੇਗਾ, ਤਾਂ ਜੋ ਸਥਾਨਕ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।


