ਮੋਗਾ ਵਿੱਚ ਵੱਧ ਰਹੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ, ਭਾਜਪਾ ਜਿਲ੍ਹਾ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

-ਸਫਾਈ ਕਰਮਚਾਰੀਆਂ ਦੇ ਹੱਕ ਚ ਆਏ ਜਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ, ਸਰਕਾਰ ਤੇ ਤਿੱਖਾ ਹਮਲਾ
ਮੋਗਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਡਿਪਟੀ ਕਮਿਸ਼ਨਰ ਮੋਗਾ ਦਾ ਧਿਆਨ ਗੰਭੀਰ ਸਮੱਸਿਆਂਵਾ ਵੱਲ ਦਵਾਉਂਦੇ ਹੋਏ ਇੱਕ ਪੱਤਰ ਦਿੱਤਾ ਜਿਸ ਵਿੱਚ ਦਸਿਆ ਕਿ ਇਸ ਸਬੰਧੀ ਕਮਿਸ਼ਨਰ ਕਾਰਪੋਰੇਸ਼ਨ ਮੋਗਾ ਨੂੰ ਵੀ ਪੱਤਰ ਸੌਪਿਆ ਗਿਆ ਸੀ। ਡਾ. ਹਰਜੋਤ ਕਮਲ ਨੇ ਕਿਹਾ ਕਿ ਪਹਿਲਾਂ ਬਰਸਾਤ ਦੌਰਾਨ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੁੰਦੀ ਸੀ, ਪਰ ਹੁਣ ਸ਼ਹਿਰ ਦੇ ਕਈ ਪ੍ਰਮੁੱਖ ਇਲਾਕਿਆਂ ਵਿੱਚ ਵੀ ਜਲ ਭਰਾਅ ਆਮ ਗੱਲ ਬਣ ਚੁੱਕੀ ਹੈ। ਇਹ ਨਗਰ ਨਿਗਮ ਦੀ ਲਾਪਰਵਾਹੀ ਅਤੇ ਬੇਢੰਗੀ ਕਾਰਜ ਪ੍ਰਣਾਲੀ ਦਾ ਸਪੱਸ਼ਟ ਸਬੂਤ ਹੈ ਅਤੇ ਸੀਵਰੇਜ ਸਿਸਮਟ ਵੀ ਬਰਸਾਤ ਵਿੱਚ ਅਕਸਰ ਚੋਕ ਹੋ ਜਾਂਦਾ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਦਾ ਬਹੁਤ ਮਾੜਾ ਹਾਲ ਹੋ ਜਾਂਦਾ ਹੈ।
ਡਾ. ਹਰਜੋਤ ਕਮਲ ਨੇ ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਕੂੜੇ ਦੇ ਢੇਰਾਂ ਅਤੇ ਵਿਗੜ ਚੁੱਕੀ ਸਫਾਈ ਵਿਵਸਥਾ ਦਾ ਮਾਮਲਾ ਵੱਲ ਵੀ ਡਿਪਟੀ ਕਮਿਸ਼ਨਰ ਦਾ ਧਿਆਨ ਦਵਾਉਦਿਆਂ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਗੰਦਗੀ ਅਤੇ ਇਸ ਕਾਰਨ ਪੈਦਾ ਹੋ ਰਹੇ ਸਿਹਤ ਸੰਕਟ ਤੋਂ ਤੁਰੰਤ ਰਾਹਤ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਡਾ. ਹਰਜੋਤ ਕਮਲ ਨੇ ਕਿਹਾ ਕਿ ਸਫਾਈ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਹਰ ਨਾਗਰਿਕ ਦਾ ਅਧਿਕਾਰ ਹਨ ਅਤੇ ਇਨ੍ਹਾਂ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ ਮੰਗਾਂ ਕਾਰਨ ਕਰਮਚਾਰੀਆਂ ਦੀ ਹੜਤਾਲ ਆਪਣੀ ਜਗ੍ਹਾ ਇੱਕ ਵੱਖਰਾ ਮੁੱਦਾ ਹੈ, ਪਰ ਅਜਿਹੀਆਂ ਸਥਿਤੀਆਂ ਵਿੱਚ ਵੀ ਸਫਾਈ ਵਰਗੀਆਂ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ। ਜੇਕਰ ਹੜਤਾਲ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ ਤਾਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਇਸਦਾ ਹੱਲ ਕਰਕੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਏ। ਡਾ. ਹਰਜੋਤ ਨੇ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦਾ ਪੁਰਜੋਰ ਸਮਰਥਨ ਕਰਦੇ ਹਨ, ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਜਲਦੀ ਪੂਰੇ ਕਰੇ ਨਹੀਂ ਤਾਂ ਭਾਜਪਾ ਕਿਸੇ ਵੀ ਵਰਗ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੂੜੇ ਦੇ ਢੇਰ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਦੀ ਸਿਹਤ ਅਤੇ ਜੀਵਨ ਖਤਰੇ ਵਿੱਚ ਪੈ ਰਹੇ ਹਨ। ਗੰਦਗੀ ਕਾਰਨ ਛੂਤ ਦੀਆਂ ਬਿਮਾਰੀਆਂ ਅਤੇ ਮਹਾਮਾਰੀ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ਵਿੱਚ ਵਿਕਾਸ ਦੇ ਨਾਮ 'ਤੇ ਸਿਰਫ਼ ਉਹਨਾਂ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿਨ੍ਹਾਂ ਨਾਲ ਆਰਥਿਕ ਲਾਭ ਹੋਵੇ, ਜਦਕਿ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨਾਲ ਜੁੜੇ ਬੁਨਿਆਦੀ ਕੰਮਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਸੰਭਾਵਿਤ ਭਾਰੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਤੁਰੰਤ ਦਰੁਸਤ ਕੀਤਾ ਜਾਵੇ, ਕੂੜੇ ਦੇ ਢੇਰਾਂ ਨੂੰ ਹਟਾਇਆ ਜਾਵੇ ਅਤੇ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।