71ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਮੋਗਾ 14 ਅਗਸਤ (ਜਸ਼ਨ)-ਦੇਸ਼ ਦੀ ਅਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਹਾੜੇ ਮੌਕੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਉਹ ਜ਼ਿਲਾ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦੇਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ, ਪਰੇਡ ਅਤੇ ਪੀ.ਟੀ.ਸ਼ੋਅ ਆਦਿ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਪਰੇਡ ਕਮਾਂਡਰ ਡੀ.ਐਸ.ਪੀ. (ਹੈਡ.) ਸ. ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਇਸ ਸ਼ਾਨਦਾਰ ਪਰੇਡ ’ਚ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਪੁਲਿਸ ਦੇ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮ ਗਾਰਡਜ਼ ਦੀ ਇੱਕ ਟੁਕੜੀ, ਐਨ.ਸੀ.ਸੀ. ਲੜਕੇ ਤੇ ਲੜਕੀਆਂ ਕੈਡੇਟਸ ਦੀਆਂ ਪੰਜ ਟੁਕੜੀਆਂ ਸਮੇਤ ਸਕੂਲੀ ਬੱਚਿਆਂ ਦੇ ਬੈਂਡ ਦੀ ਟੀਮ ਵੀ ਸ਼ਾਮਲ ਹੋਵੇਗੀ। ਉਨਾਂ ਦੱਸਿਆ ਕਿ ਇਸ ਤੋਂ ਬਾਅਦ ਸਕੂਲੀ ਬੱਚਿਆਂ ਵੱਲੋਂ ਪੀ.ਟੀ ਸ਼ੋਅ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਵੇਗੀ। ਇਸ ਦੌਰਾਨ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਤੇ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ-ਨਾਚ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਜਾਵੇਗਾ ਅਤੇ ਸਮਾਰੋਹ ਦੇ ਅੰਤ ‘ਚ ਕੌਮੀ ਗੀਤ ਦਾ ਗਾਇਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਅਜ਼ਾਦੀ ਦੇ ਇਸ ਅਹਿਮ ਦਿਹਾੜੇ ਮੌਕੇ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ’ਚ ਜ਼ਿਲਾ ਵਾਸੀਆਂ ਨੂੰ ਵੱਡੇ ਪੱਧਰ ’ਤੇ ਚਾਵਾਂ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਉਤਸ਼ਾਹ ਪੂਰਵਕ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਗਏ ਹਨ। ਉਨਾਂ ਨੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਦੀ ਇਸ ਸਮਾਗਮ ’ਚ ਹਾਜ਼ਰੀ ਨੂੰ ਯਕੀਨੀ ਬਣਾਉਣ।


