ਮੋਗਾ ਵਿਖੇ ਕੌਮੀ ਲੋਕ ਅਦਾਲਤ 9 ਸਤੰਬਰ 

ਮੋਗਾ 8 ਸਤੰਬਰ(ਜਸ਼ਨ)-ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਜੁਡੀਸ਼ੀਅਲ ਕੋਰਟ ਕੰਪਲੈਕਸ, ਮੋਗਾ ਵਿਖੇ 9 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਝਗੜਿਆਂ ਨੂੰ ਨਿਪਟਾਉਣ ਦੀ ਇੱਕ ਸਰਲ ਪ੍ਰਣਾਲੀ ਹੈ, ਕਿਉਂਕਿ ਇਸ ਵਿੱਚ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਗੱਲਬਾਤ ਨੂੰ ਸੁਣ ਕੇ ਰਾਜ਼ੀਨਾਮੇ ਰਾਹੀਂ ਕੀਤਾ ਜਾਂਦਾ ਹੈ। ਸ੍ਰੀ ਨਾਰੰਗ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ’ਚ ਹਰੇਕ ਤਰਾਂ ਦੇ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨਾਂ ਇਹ ਵੀ ਦੱਸਿਆ ਕਿ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲਾ ਕਚਿਹਰੀਆਂ ਮੋਗਾ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।