ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ ਸ਼ਹਿਰ ਦਾ ਤੂਫਾਨੀ ਦੌਰਾ,ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੋਗਾ, 14 ਅਕਤੂਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਨੂੰ ਬੇਹਤਰ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਡਾ. ਹਰਜੋਤ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਜੋ ਉਨਾਂ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨਾਂ ਨੂੰ ਹੂ-ਬ-ਹੂ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਵਧੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਕਰਵਾਇਆ ਜਾਵੇਗਾ। ਇਸ ਸਬੰਧੀ ਡਾ. ਹਰਜੋਤ ਨੇ ਕਿਹਾ ਕਿ ਸ਼ਹਿਰ ਵਿੱਚ ਲਾਵਾਰਿਸ ਗੳੂਆਂ ਅਤੇ ਕੁੱਤਿਆਂ ਦੀ ਭਰਮਾਰ ਹੋਣ ਕਰਕੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ, ਇਸ ਲਈ ਉਨਾਂ ਨੇ ਗੳੂਸ਼ਾਲਾ ਅਤੇ ਨੰਦੀਸ਼ਾਲਾ ਬਣਾਉਣ ਦੀ ਯੋਜਨਾ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਇਸ ਕੰਮ ਨੂੰ ਜੰਗੀ ਪੱਧਰ ਤੇ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਉਨਾਂ ਦਾ ਇਹ ਸੁਪਨਾ ਹੈ ਕਿ ਮੋਗਾ ਸ਼ਹਿਰ ਵਿੱਚ ਸੇਹਤ ਸੁਵਿਧਾਵਾਂ ਵਧੀਆਂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਤਾਂਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਮੋਗਾ ਵਿੱਚ ਸਿਵਲ ਹਸਪਤਾਲ ਸ਼ਹਿਰ ਦੇ ਅੰਦਰ ਹੋਣ ਕਰਕੇ ਐਮਰਜੈਂਸੀ ਸਥਿੱਤੀ ਵਿੱਚ ਲੋਕਾਂ ਨੂੰ ਉੱਥੇ ਪਹੁੰਚਣ ਵਿੱਚ ਕਾਫੀ ਦਿੱਕਤ ਹੁੰਦੀ ਹੈ, ਇਸ ਲਈ ਸਿਵਲ ਹਸਪਤਾਲ ਨੂੰ ਮੁੱਖ ਮਾਰਗ ਤੇ ਲਿਆਉਣ ਦਾ ਉਪਰਾਲਾ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਐਮਰਜੈਂਸੀ ਸਥਿੱਤੀ ਵਿੱਚ ਟ੍ਰੈਫਿਕ ਨਾਲ ਕੋਈ ਰੁਕਾਵਟ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਟ੍ਰੈਫਿਕ ਸਮੱਸਿਆ ਦੇ ਪੱਕੇ ਹੱਲ ਲਈ ਸ਼ਹਿਰ ਦੇ ਬਾਹਰ ਮਲਟੀ ਸਟੋਰੀ ਪਾਰਕਿੰਗ ਸਿਸਟਮ ਲਗਾਇਆ ਜਾਵੇਗਾ ਜਿਸ ਨਾਲ ਬਾਜ਼ਾਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨਾਂ ਕਿਹਾ ਕਿ ਪੂਰੇ ਸ਼ਹਿਰ ਵਿੱਚ ਸਟ੍ਰੀਟ ਲਾਈਟਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਗਲੀ ਨੂੰ ਰੋਸ਼ਨ ਕੀਤਾ ਜਾਵੇਗਾ। ਡਾ. ਹਰਜੋਤ ਨੇ ਨਗਰ ਨਿਗਮ ਦੇ ਅਧਿਕਾਰੀਆਂ, ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸ਼ਹਿਰ ਦੀ ਸਫ਼ਾਈ ਅਤੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਡਾ. ਹਰਜੋਤ ਨੇ ਕਿਹਾ ਕਿ ਤਿਉਹਾਰਾ ਦੇ ਦਿਨਾਂ ਵਿੱਚ ਲੋਕਾਂ ਦੀ ਸੁਰੱਖਿਆ ਬਹੁਤ ਹੀ ਲਾਜ਼ਮੀ ਹੈ, ਇਸ ਵਿੱਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀ ਹਰ ਤਰਾਂ ਦੀ ਸੁਰੱਖਿਆ ਕਰਨ ਲਈ ਨਿਰਦੇਸ਼ ਜਾਰੀ ਕੀਤੇ ਅਤੇ ਸ਼ਹਿਰ ਦੀ ਹਰ ਕੋਨੇ ਕੋਨੇ ਵਿੱਚ ਪੁਲਿਸ ਤੈਨਾਤ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਤਾਂਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਉਨਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਹਰ ਤਰਾਂ ਦੇ ਉਪਰਾਲੇ ਕੀਤੇ ਜਾਣਗੇ। ਡਾ. ਹਰਜੋਤ ਨੇ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਸ਼ਫ਼ਾਈ ਦੇ ਮਾੜੇ ਪ੍ਰਬੰਧਾ ਕਾਰਨ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ, ਇਸ ਲਈ ਮੋਗਾ ਸ਼ਹਿਰ ਦੇ ਹਰ ਵਾਰਡ ਨੂੰ ਸਾਫ਼ ਸੁਥਰਾ ਰੱਖਿਆ ਜਾਵੇ।

 ਉਨਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਫ਼ਾਈ ਕਰਨ ਵਿੱਚ ਸਹਿਯੋਗ ਕਰਨ। ਇਸ ਉਪਰੰਤ ਉਨਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਕਾਸ ਕੰਮਾਂ ਵਿੱਚ ਵਧੀਆਂ ਮਟੀਰੀਅਲ ਹੀ ਇਸਤੇਮਾਲ ਕੀਤੇ ਜਾਵੇ। ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ ਗਈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਉਹ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵਿੱਚ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਵੀ ਤਰਾਂ ਦੀ ਕਸਰ ਨਹੀਂ ਛੱਡਣਗੇ।