ਤਖਤੂਪੁਰਾ ਵਿਖੇ ਮਾਘੀ ਮੇਲੇ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਮੋਗਾ 27 ਦਸੰਬਰ: (ਜਸ਼ਨ)- ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਤਖਤੂਪੁਰਾ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਾਘੀ ਦੇ ਮੇਲੇ ਸਬੰਧੀ ਸਮਾਗਮਾਂ ਦੇ ਉੱਤਮ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਘੀ ਮੇਲੇ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀ ਅਮਰਬੀਰ ਸਿੰਘ ਸਿੱਧੂ ਮੇਲੇ ਦੇ ਇੰਚਾਰਜ ਅਫ਼ਸਰ ਵੱਜੋਂ ਕੰਮ ਕਰਨਗੇ, ਜਦ ਕਿ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਬਤੌਰ ਸਹਾਇਕ ਮੇਲਾ ਅਫ਼ਸਰ ਸੇਵਾਵਾਂ ਨਿਭਾਉਣਗੇ.ਉਨਾਂ ਕਿਹਾ ਕਿ ਮੇਲੇ ਵਾਲੀ ਥਾਂ ‘ਤੇ ਸਥਿਤ ਸਿਹਤ ਵਿਭਾਗ ਦੀ ਡਿਸਪੈਂਸਰੀ ਵਿਖੇ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ।  ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਗਠਿਤ ਕੀਤੀਆਂ ਜਾਣ। ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਹਦਾਇਤ ਕੀਤੀ।  ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨਿਹਾਲ ਸਿੰਘ ਵਾਲਾ ਨੂੰ ਮੇਲੇ ਦੇ ਸਥਾਨ ਤੱਕ ਪਹੁੰਚ ਸੜਕਾਂ ਚੈੱਕ ਕਰਨ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ। ਉਨਾਂ ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਲੇ-ਦੁਆਲੇ ਦੀਆਂ ਮੇਲੇ ਤੱਕ ਪਹੁੰਚ ਸੜਕਾਂ ਦੀ ਲੋੜੀਂਦੀ ਮੁਰੰਮਤ ਕਰਨ ਦੇ ਆਦੇਸ਼ ਵੀ ਦਿੱਤੇ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵਾਹਨਾਂ ਲਈ ਪਾਰਕਿੰਗ ਅਤੇ ਟ੍ਰੈਫ਼ਿਕ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਸਫ਼ਾਈ, ਸਟਰੀਟ ਲਾਈਟਾਂ, ਆਰਜ਼ੀ ਪਖਾਨੇ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ, ਐਸ.ਡੀ.ਐਮ ਨਿਹਾਲ ਸਿੰਘ ਵਾਲਾ (ਵਾਧੂ ਚਾਰਜ) ਅਮਰਬੀਰ ਸਿੰਘ ਸਿੱਧੂ, ਐਸ.ਪੀ (ਹੈਡ) ਪਿ੍ਰਥੀਪਾਲ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।