ਕੈਪਟਨ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ-ਡਾ: ਹਰਜੋਤ ਕਮਲ

ਮੋਗਾ 28 ਦਸੰਬਰ(ਜਸ਼ਨ)- ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਦਿ੍ਰੜ ਸੰਕਲਪ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨਾਂ ਨੂੰ ਸਮਾਜ ਦੇ ਉਸਾਰੂ ਕਾਰਜਾਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨਸ਼ੇ ਮਨੁੱਖੀ ਜੀਵਨ ਨੂੰ ਤਬਾਹ ਕਰ ਦਿੰਦੇ ਹਨ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ‘ਚ ਦਿਲਚਸਪੀ ਲੈਣੀ ਚਾਹੀਦੀ ਹੈ, ਕਿਉਂਕਿ ਖੇਡ ਗਤੀਵਿਧੀਆਂ ਰਾਹੀਂ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨਾਂ ਜ਼ਿਲੇ ਦੀਆਂ ਸਮੂਹ ਖੇਡ ਕਲੱਬਾਂ ਨੂੰ ਉਨਾਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ, ਤਾਂ ਜੋ ਖੇਡ ਕਲੱਬਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿਵਾਇਆ ਜਾ ਸਕੇ। ਉਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਰਲ-ਮਿਲ ਕੇ ਨਸ਼ਿਆਂ ਖਿਲਾਫ਼ ਜੰਗ ਲੜਨੀ ਚਾਹੀਦੀ ਹੈ, ਤਾਂ ਜੋ ਸਮਾਜ ਵਿਚੋਂ ਇਸ ਬੁਰਾਈ ਨੂੰ ਦੂਰ ਕੀਤਾ ਜਾ ਸਕੇ।


