ਨਵੇਂ ਸਾਲ ਦੀ ਆਰੰਭਤਾ ‘ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ

ਮੋਗਾ 1 ਜਨਵਰੀ:(ਜਸ਼ਨ)-ਨਵਾਂ ਸਾਲ-2018 ਦੀ ਸ਼ੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ।

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਸ.ਪੀ. ਪਿ੍ਰਥੀਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਦੀ ਸ਼ੁਰੂਆਤ ਕਰਨ ‘ਤੇ ਅਧਿਕਾਰੀਆਂ ਤੇ ਕ੍ਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਡਿਪਟੀ ਪੁਲਿਸ ਕਪਤਾਨ ਨੂੰ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕ੍ਰਮਚਾਰੀ ਅਤੇ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰ ਆਦਿ ਹਾਜ਼ਰ ਸਨ।