ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ‘ਵਿਸ਼ਵ ਬਰੇਲ ਡੇ ’ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ

ਮੋਗਾ 4 ਜਨਵਰੀ (ਜਸ਼ਨ)- ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਦਾ ਆਖਣਾ ਏ ਕਿ ਜ਼ਿਲਾ ਪ੍ਰਸ਼ਾਸ਼ਨ ਅਪੰਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਵਚਨਬੱਧ ਹੈ।

ਜਗਵਿੰਦਰਜੀਤ ਸਿੰਘ ਗਰੇਵਾਲ ਅੱਜ ਨਗਰ ਨਿਗਮ ਮੋਗਾ ਵਿਖੇ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ‘ਵਿਸ਼ਵ ਬਰੇਲ ਡੇ ’ ਮੌਕੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਅੰਗਹੀਣ ਵਿਅਕਤੀ ਸਮਾਜ ਦਾ ਅਹਿਮ ਅੰਗ ਹਨ ਅਤੇ ਇੰਨਾਂ ਵਿਅਕਤੀਆਂ ਦੀ ਹਰ ਸੰਭਵ ਮੱਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ। ਉਨਾਂ ਦੱਸਿਆ ਕਿ 50 ਫ਼ੀਸਦੀ ਤੋਂ ਵੱਧ ਅਪੰਗਤਾ ਵਾਲਾ ਵਿਅਕਤੀ ਅਪੰਗਤਾ ਪੈਨਸ਼ਨ ਦਾ ਹੱਕਦਾਰ ਹੈ, ਜਦ ਕਿ 40 ਫ਼ੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਨਾਖਤੀ ਕਾਰਡ ਜਾਰੀ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਅਪੰਗਤਾ ਪੈਨਸ਼ਨ ਲਗਾਉਣ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਦੱਸਿਆ ਕਿ ਅਪੰਗਤਾ ਪੈਨਸ਼ਨ ਲਈ ਫ਼ਾਰਮ ਜ਼ਿਲਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਸੀ.ਡੀ.ਪੀ.ਓ ਦਫ਼ਤਰ ਵਿਖੇ ਉਪਲੱਭਧ ਹਨ। ਉਨਾਂ ਦੱਸਿਆ ਕਿ ਬਿਨੈ-ਪੱਤਰ ਮੁਕੰਮਲ ਕਰਕੇ ਅਪੰਗਤਾ ਸਰਟੀਫ਼ੀਕੇਟ, ਆਧਾਰ ਕਾਰਡ ਦੀ ਫ਼ੋਟੋ ਕਾਪੀ ਅਤੇ ਬੈਂਕ ਖਾਤੇ ਦੀ ਸੂਚਨਾ ਸਮੇਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਜਮਾਂ ਕਰਵਾਏ ਜਾ ਸਕਦੇ ਹਨ।  ਉਨਾਂ ਮੌਕੇ ‘ਤੇ ਹਾਜ਼ਰ ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕ੍ਰਮਚਾਰੀ ਉਨਾਂ ਕੋਲੋਂ ਅਪੰਗਤਾ ਪੈਨਸ਼ਨ ਲਗਾਉਣ ਜਾਂ ਕਿਸੇ ਵੀ ਸਰਕਾਰੀ ਕੰਮ ਕਰਵਾਉਣ ਲਈ ਪੈਸੇ ਦੀ ਮੰਗ ਕਰਦਾ ਹੈ, ਤਾਂ ਸਿੱਧੇ ਤੌਰ ‘ਤੇ ਉਨਾਂ ਨਾਲ ਸੰਪਰਕ ਕੀਤਾ ਜਾਵੇ। ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਦੇਸ਼ ਦਿੱਤੇ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਨੋਦ ਬਾਂਸਲ ਕਾਂਗਰਸ ਸ਼ਹਿਰੀ ਪ੍ਰਧਾਨ ਨੇ ਵੀ ਅੰਗਹੀਣ ਵਿਅਕਤੀਆਂ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿਵਾਇਆ। ਉਨਾਂ ਅਪੰਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਿਸਟਾ ਰੈਡ ਕਰਾਸ ਸਪੈਸ਼ਲ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਐਨ.ਜੀ.ਓ ਐਸ.ਕੇ.ਬਾਂਸਲ, ਸਟੇਟ ਡਿਸਏਬਲਿਟੀ ਐਕਟੀਵਿਸਟ ਅਮਰਜੀਤ ਸਿੰਘ ਆਨੰਦ, ਨੇਤਰਹੀਣ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰੇਮ ਭੂਸ਼ਣ ਗੁਪਤਾ, ਡਾ: ਹਰਨੇਕ ਸਿੰਘ ਰੋਡੇ, ਬਹਾਦਰ ਡਾਲਵੀ ਅਤੇ ਅਪੰਗ ਵਿਅਕਤੀ ਹਾਜ਼ਰ ਸਨ।