ਮੋਗਾ ਵਿਖੇ ਧੀਆਂ ਦੀ ਲੋਹੜੀ ਮਨਾਈ , ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਸੰਧਾਵਾਲੀਆ ਨੇ ਲੋਹੜੀ ਬਾਲ ਕੇ ਨਵ-ਜੰਮੀਆਂ ਬਾਲੜੀਆਂ ਨੂੰ ਦਿੱਤਾ ਆਸ਼ੀਰਵਾਦ

ਮੋਗਾ 12 ਜਨਵਰੀ:(ਜਸ਼ਨ)-ਬੇਟੀਆਂ ਦੀ ਅਨੁਪਾਤ ਦਰ ‘ਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਲੜਕੇ ਤੇ ਲੜਕੀ ਵਿੱਚ ਕੋਈ ਭੇਦ-ਭਾਵ ਨਾ ਸਮਝਦੇ ਹੋਏ ਮਾਨਸਿਕ ਸੋਚ ਵਿੱਚ ਤਬਦੀਲੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ‘ਬੇਟੀ ਬਚਾਓ-ਬੇਟੀ ਪੜਾਓ‘ ਸਕੀਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗੁਰੂ ਨਾਨਕ ਕਾਲਜ ਮੋਗਾ ਵਿਖੇ ਆਯੋਜਿਤ ਜ਼ਿਲਾ ਪੱਧਰੀ ‘ਧੀਆਂ ਦੀ ਲੋਹੜੀ‘ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਐਸ.ਡੀ.ਐਮ ਮੋਗਾ ਸ. ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਨੀਤ ਕੁਮਾਰ ਨਾਰੰਗ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਦਿਲਰਾਜ ਸਿੰਘ ਨੇ ਕਿਹਾ ਕਿ ਭਰੂਣ ਹੱਤਿਆ ਦੀ ਸਮਾਜਿਕ ਬੁਰਾਈ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ ਅਤੇ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਸਾਨੂੰ ਸਾਂਝੇ ਸਮਾਜਿਕ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਉਨਾਂ ਦਾ ਪੁੱਤਰਾਂ ਦੇ ਸਮਾਨ ਪਾਲਣ-ਪੋਸ਼ਣ ਅਤੇ ਸਿੱਖਿਆ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਇੱਕ ਪੜੀ-ਲਿਖੀ ਲੜਕੀ ਹੀ ਸਮਾਜ ਨੂੰ ਬਿਹਤਰ ਬਣਾਉਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਅਹਿਮ ਯੋਗਦਾਨ ਪਾ ਸਕਦੀ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਲੜਕੇ ਤੇ ਲੜਕੀ ਵਿੱਚ ਕੋਈ ਫ਼ਰਕ ਨਹੀਂ ਹੈ ਅਤੇ ਖੇਡਾਂ, ਸਿੱਖਿਆ ਤੇ ਹੋਰ ਕਈ ਖੇਤਰਾਂ ਵਿੱਚ ਲੜਕੀਆਂ ਵੱਡੀਆਂ ਮੱਲਾਂ ਮਾਰ ਕੇ ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਰਹੀਆਂ ਹਨ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ. ਸੁਖਹਰਪ੍ਰੀਤ ਸਿੰਘ ਸਿੱਧੂ ਨੇ ਜੀ ਆਇਆਂ ਕਹਿੰਦਿਆਂ ਹਾਜ਼ਰ ਨਵ-ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਲੋਹੜੀ ਦੀ ਮੁਬਾਰਕਵਾਦ ਦਿੱਤੀ। ਉਨਾਂ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਮਾਜ ਵਿੱਚ ਲੜਕੀਆਂ ਦੇ ਜਨਮ ਅਤੇ ਬੇਟੀਆਂ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ 201 ਨਵ-ਜੰਮੀਆਂ ਬਾਲੜੀਆਂ ਨੂੰ ਤੋਹਫ਼ੇ ਵੰਡੇ ਗਏ ਅਤੇ ਲੋਹੜੀ ਬਾਲ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੀਤ ਤੇ ਸਕਿੱਟਾਂ ਆਦਿ ਪੇਸ਼ ਕੀਤੀਆਂ ਗਈਆਂ ਅਤੇ ਪ੍ਰਦੀਪ ਸਿੰਘ ਤੇ ਉਸਦੇ ਸਾਥੀ ਵੱਲੋਂ ਭੰਡਾਂ ਦੇ ਰੂਪ ਵਿੱਚ ਜਿੱਥੇ ਦਰਸ਼ਕਾਂ ਦੇ ਢਿੱਡੀ ਪੀੜਾਂ ਪਾਈਆਂ, ਉੱਥੇ ਧੀਆਂ ਦੇ ਸਤਿਕਾਰ ਦਾ ਵੀ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ: ਮਨਜੀਤ ਸਿੰਘ, ਐਨ.ਜੀ.ਓ ਐਸ.ਕੇ.ਬਾਂਸਲ, ਚੇਅਰਮੈਨ ਇੰਟਰਨੈਸ਼ਨਲ ਕੈਂਬਰਿਜ ਸਕੂਲ ਦਵਿੰਦਰਪਾਲ ਸਿੰਘ ਰਿੰਪੀ, ਕਾਲਜ ਦੇ ਪਿ੍ਰੰਸੀਪਲ ਜਤਿੰਦਰ ਕੌਰ, ਪਰਵਾਸੀ ਲੇਖਕ ਸੁਰਜੀਤ ਸਿੰਘ ਕਾਉਂਕੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।*
**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


