‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ‘ ਤਹਿਤ ਜ਼ਿਲ੍ਹੇ ਦੇ 50 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਦੀ ਦਿੱਤੀ ਗਈ ਵਿੱਤੀ ਸਹਾਇਤਾ-ਦਿਲਰਾਜ ਸਿੰਘ

ਮੋਗਾ 17 ਜਨਵਰੀ:(ਜਸ਼ਨ) ਜ਼ਿਲ੍ਹੇ ਵਿੱਚ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ‘ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਲਾਗੂ ਕਰ ਦਿੱਤੀ ਗਈ ਹੈ ਅਤੇ ਇਸ ਯੋਜਨਾ ਅਧੀਨ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣ ਰਹੀਆਂ ਜ਼ਿਲ੍ਹੇ ਦੀਆਂ 50 ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਹਿਲੀ ਕਿਸ਼ਤ ਵਜੋਂ 50 ਹਜਾਰ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। 
        ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣਨ ਜਾ ਰਹੀਆਂ ਔਰਤਾਂ ਨੂੰ ਸਰਕਾਰ ਵੱਲੋਂ 5,000 ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਔਰਤਾਂ ਨੂੰ ਜਾਣੂ ਕਰਵਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਸਕੀਮ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹੇ ਦੀ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 
        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਂਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਪੰਜੀਕਰਨ ਅਤੇ ਨੇੜਲੇ ਸਿਹਤ ਕੇਂਦਰ ਤੋਂ ਜੱਚਾ-ਬੱਚਾ ਸਿਹਤ ਕਾਰਡ ਬਣਵਾਉਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ ਪਹਿਲੀ ਕਿਸ਼ਤ ਵਜੋਂ 1,000 ਰੁਪਏ ਗਰਭ ਰਜਿਸਟਰ ਕਰਵਾਉਣ ਸਮੇਂ ਦਿੱਤੀ ਜਾਂਦੀ ਹੈ ਜਦੋਂ ਕਿ 2,000 ਰੁਪਏ ਦੀ ਦੂਜੀ ਕਿਸ਼ਤ ਗਰਭ ਦੇ 6 ਮਹੀਨੇ ਵਿੱਚ ਦੂਸਰੇ ਚੈਕਅੱਪ ਮੌਕੇ ਅਤੇ ਤੀਜੀ ਕਿਸ਼ਤ ਵਜੋਂ  2,000 ਰੁਪਏ ਨਵਜੰਮੇ ਬੱਚੇ ਦੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ’ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ
        ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ  ਕਿ 1 ਜਨਵਰੀ, 2017 ਤੋਂ ਬਾਅਦ ਪਹਿਲੀ ਵਾਰ ਮਾਂ ਬਣ ਚੁੱਕੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਇਹ ਲਾਭ ਕੇਵਲ ਪਹਿਲੇ ਬੱਚੇ ਦੇ ਜਣੇਪੇ ’ਤੇ ਹੀ ਔਰਤ ਨੂੰ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਲਾਭਪਾਤਰ ਔਰਤ ਦਾ ਬੈਂਕ ਵਿੱਚ ਆਪਣੇ ਨਾਮ ’ਤੇ ਸਿੰਗਲ ਖਾਤਾ ਹੋਣਾ ਚਾਹੀਦਾ ਹੈ ਅਤੇ ਰਿਹਾਇਸ਼ੀ ਸਬੂਤ ਵਜੋਂ ਉਸ ਦਾ ਆਪਣਾ ਤੇ ਉਸ ਦੇ ਪਤੀ ਦਾ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਇਸਤਰੀ ਤੇ ਬਾਲ ਵਿਕਾਸ ਦਫ਼ਤਰ ਵਿਖੇ ਹੁਣ ਤੱਕ ਲਗਭੱਗ 970 ਫ਼ਾਰਮ ਸਕੀਮ ਦਾ ਲਾਭ ਲੈਣ ਲਈ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 222 ਕੇਸ ਆਨ-ਲਾਈਨ ਕਰਕੇ ਅਗਲੇਰੀ ਕਾਰਵਾਈ ਹਿੱਤ ਭੇਜੇ ਜਾ ਚੁੱਕੇ ਹਨ ਅਤੇ ਬਕਾਇਆ ਕੇਸਾਂ ਦੀ ਬਣਦੀ ਰਾਸ਼ੀ ਵੀ ਲਾਭਪਾਤਰੀਆਂ ਨੂੰ ਜਲਦੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨੇੜਲੇ ਆਂਗਨਵਾੜੀ ਸੈਂਟਰ ਵਿਖੇ ਆਂਗਨਵਾੜੀ ਵਰਕਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ