ਮੋਗਾ ਵਿਖੇ ਕੌਮੀ ਲੋਕ ਅਦਾਲਤ 10 ਫ਼ਰਵਰੀ ਨੂੰ

ਮੋਗਾ 19 ਜਨਵਰੀ: (ਜਸ਼ਨ)-ਲੋਕ ਅਦਾਲਤਾਂ ਰਾਹੀਂ ਸਸਤਾ, ਜਲਦੀ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਮੋਗਾ ਵਿਖੇ 10 ਫ਼ਰਵਰੀ ਨੂੰ ਹਰੇਕ ਤਰਾਂ ਦੇ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਨ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ 10 ਫ਼ਰਵਰੀ ਨੂੰ ਮੋਗਾ ਜ਼ਿਲੇ ਦੀਆਂ ਸਾਰੀਆਂ ਅਦਾਲਤਾਂ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ’ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰੇਕ ਤਰਾਂ ਦੇ ਕੇਸ ਜਿਵੇਂ ਕਿ ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138, ਬੈਂਕ ਰਿਕਵਰੀ ਕੇਸ, ਲੇਬਰ ਝਗੜਿਆਂ ਦੇ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਝਗੜਿਆਂ ਦੇ ਰਾਜ਼ੀਨਾਮੇ ਯੋਗ ਕੇਸ, ਹੋਰ (ਰਾਜ਼ੀਨਾਮਾ ਹੋਣ ਯੋਗ ਫੌਜਦਾਰੀ, ਵਿਵਾਹਿਕ ਝਗੜਿਆਂ ਦੇ ਕੇਸ ਅਤੇ ਹੋਰ ਦੀਵਾਨੀ ਝਗੜਿਆਂ ਦੇ ਕੇਸ), ਲੈਂਡ ਐਕੁਈਜ਼ੇੇਸ਼ਨ ਕੇਸ, ਤਨਖਾਹ ਅਤੇ ਭੱਤਿਆਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਸਬੰਧਿਤ ਸਰਵਿਸ ਮੈਟਰ, ਰੇਵੈਨਿਊ ਕੇਸ ਤੇ ਹੋਰ ਦੀਵਾਨੀ ਕੇਸ ਆਦਿ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਉਨਾਂ ਦੇ ਵਿਭਾਗ ਅਧੀਨ ਕੇਸਾਂ ਨੂੰ ਲੋਕ ਅਦਾਲਤ ਵਿੱਚ ਪੇਸ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਹੋਰ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫ਼ਲ ਬਣਾਉਣ ਲਈ ਜ਼ਿਲਾ ਪੱਧਰ ’ਤੇ ਨਿਆਂਇਕ ਅਧਿਕਾਰੀਆਂ ਦੇ ਬੈਂਚ ਬਣਾਏ ਜਾਣਗੇ, ਜਿਸ ਵਿੱਚ ਕਿ ਆਮ ਲੋਕਾਂ ਦੇ ਕੇਸਾਂ ਦਾ ਲੋਕ ਅਦਾਲਤ ਦੀ ਪ੍ਰਕਿ੍ਰਆ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾ ਕੇ ਇਸ ਦਾ ਲਾਭ ਉਠਾਉਣ ਕਿਉਂਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਲੋਕ ਅਦਾਲਤਾਂ ਦੇ ਫ਼ੈਸਲੇ ਸਮਾਜ ਵਿੱਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਸਸਤਾ ਤੇ ਛੇਤੀ ਨਿਆਂ ਮਿਲਦਾ ਹੈ ਅਤੇ ਸਮਝੌਤਾ ਹੋਣ ਦੀ ਸੂਰਤ ਵਿੱਚ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ।