ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਤੇ ਅੰਤਿਮ ਰੀਹਰਸਲ ਦਾ ਕੀਤਾ ਨਿਰੀਖਣ

ਮੋਗਾ 24 ਜਨਵਰੀ(ਜਸ਼ਨ)- 26 ਜਨਵਰੀ ਨੂੰ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਬੰਧ ‘ਚ ਫੁੱਲ ਡਰੈੱਸ ਰੀਹਰਸਲ ਸਥਾਨਕ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੀ ਨੁਮਾਇੰਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਅਤੇ ਪੁਲਿਸ ਕਪਤਾਨ (ਹੈਡ) ਪਿ੍ਰਥੀਪਾਲ ਸਿੰਘ ਵੀ ਹਾਜ਼ਰ ਸਨ। ਫੁੱਲ ਡਰੈੱਸ ਰੀਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਤੁੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ‘ਚ ਵਿਸ਼ੇਸ਼ ਕਾਰਗੁਜ਼ਾਰੀ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ/ਵੀਲ ਚੇਅਰ ਵੀ ਵੰਡੇ ਜਾਣਗੇ। ਇਸ ਮੌਕੇ ਜਿੰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਇਸ ਸਮਾਗਮ ‘ਚ ਜ਼ਿੰਮੇਵਾਰੀਆਂ ਜਾਂ ਡਿਊਟੀਆਂ ਲਗਾਈਆਂ ਗਈਆਂ ਹਨ, ਉਨਾਂ ਵਿਭਾਗਾਂ ਦੇ ਮੁਖੀ ਅਤੇ ਨੁਮਾਇੰਦੇ ਵੀ ਹਾਜ਼ਰ ਹੋਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਗੁਰਦਰਸ਼ਨ ਸਿੰਘ ਬਰਾੜ, ਸਕੱਤਰ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ,ਨੁਮਾਇੰਦੇ ਅਤੇ ਸਕੂਲਾਂ ਦੇ ਪਿ੍ਰੰਸੀਪਲ/ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।


