ਵੋਟਰਾਂ ਨੂੰ ਜਾਗਰੂਕ ਕਰਨ ਲਈ ਫ਼ਿਰੋਜ਼ਪੁਰ ਵਿਖੇ ਰਾਜ ਪੱਧਰੀ ਵੋਟਰ ਦਿਵਸ ਦਾ ਆਯੋਜਨ

ਫਿਰੋਜ਼ਪੁਰ,25 ਜਨਵਰੀ (ਜਸ਼ਨ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿੱਚ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ 8ਵੇਂ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਜੈਨਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ, ਮੋਗਾ ਰੋਡ ਫ਼ਿਰੋਜ਼ਪੁਰ ਵਿਖੇ ਮਨਾਇਆ ਗਿਆ,ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ: ਬਲਦੇਵ ਸਿੰਘ ਢਿੱਲੋਂ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਐੱਸ.ਕੇ ਰਾਜੂ ਮੁੱਖ ਚੋਣ ਅਫ਼ਸਰ-ਕਮ ਸਕੱਤਰ ਚੋਣਾਂ ਪੰਜਾਬ ਵੱਲੋਂ ਵੱਲੋਂ ਕੀਤੀ ਗਈ।  ਇਸ ਮੌਕੇ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫੋਟੋ ਵੋਟਰ ਕਾਰਡ ਵੰਡ ਕੇ ਅਤੇ ਮਿਲੇਨੀਅਮ ਵੋਟਰਾਂ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਇਸ ਸਮਾਗਮ ‘ਚ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ  ਭਾਸ਼ਣ, ਗੀਤ, ਗਿੱਧਾ-ਭੰਗੜਾ ਆਦਿ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਸਮਾਗਮ ਵਿੱਚ ਉੱਘੇ ਲੋਕ ਗਾਇਕ ਧਾਮੀ ਗਿੱਲ ਅੰਮਿ੍ਰਤਸਰ ਅਤੇ ਤਰਸੇਮ ਅਰਮਾਨ ਨੇ ਗੀਤਾਂ ਰਾਹੀਂ ਸਰੋਤਿਆਂ ਦਾ ਖ਼ੂਬ ਮਨੋਰੰਜਨ ਕੀਤਾ।  ਇਸ ਮੌਕੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਸਮਾਗਮ ਦੇ ਮੁੱਖ ਮਹਿਮਾਨ ਸ੍ਰ. ਬਲਦੇਵ ਸਿੰਘ ਢਿੱਲੋਂ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਬਣੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਆਧਾਰ ਹੀ ਵੋਟ ਦੇ ਇਸਤੇਮਾਲ ‘ਤੇ ਨਿਰਭਰ ਕਰਦਾ ਹੈ ਇਸ ਲਈ ਹਰੇਕ ਨਾਗਰਿਕ ਨੂੰ  ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਨੌਜਵਾਨ ਵਰਗ ਨੂੰ ਪ੍ਰੇਰਤ ਕੀਤਾ ਕਿ ਨੌਜਵਾਨ ਸ਼ਕਤੀ ਕਿਸੇ ਵੀ ਚੁਨੌਤੀ ਦਾ ਸਾਹਮਣਾ ਕਰ ਸਕਦੀ ਹੈ, ਇਸ ਲਈ ਨੌਜਵਾਨ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਵੋਟ ਦਾ ਨਿਡਰ ਹੋ ਕੇ ਇਸਤੇਮਾਲ ਕਰਨ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੇ ਭਵਿੱਖ ਨੂੰ ਤਾਂ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜੇਕਰ ਸਹੀ ਸੋਚ ਵਾਲੇ ਉਮੀਦਵਾਰਾਂ ਨੂੰ ਹੀ ਵੋਟਾਂ ਪਾਈਆਂ ਜਾਣ।  ਇਸ ਮੌਕੇ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ-ਕਮ ਸਕੱਤਰ ਚੋਣਾਂ ਡਾ. ਐੱਸ.ਕਰੁਣਾ ਰਾਜੂ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਦੀਆਂ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਪੰਜਾਬ ਵੱਲੋਂ ਨਵੇਂ ਵੋਟਰ ਰਜਿਸਟਰਡ ਕਰਨ ਅਤੇ ਵੋਟ ਦੇ ਹੱਕ ਦੇ ਇਸਤੇਮਾਲ ਲਈ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ  ਜਿਸਦੇ ਬਹੁਤ ਵਧੀਆ ਸਿੱਟੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਰਾਜ ਪੱਧਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਇਹ ਸੁਨੇਹਾ ਦੇਣਾ ਹੈ ਕਿ ਸਰਹੱਦੀ ਖੇਤਰ ਤੋਂ ਲੋਕਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਅਤੇ ਨਵੀਆਂ ਵੋਟਾਂ ਬਣਾਉਣ ਦੀ ਮੁਹਿੰਮ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਕਾਰਨ ਸਾਰੇ ਜ਼ਿਲ੍ਹਿਆ ਵਿਚੋਂ ਮਿਲੇ ਸਹਿਯੋਗ ਕਾਰਨ 20 ਲੱਖ ਨਵੇਂ ਵੋਟਰ ਰਜਿਸਟਰਡ ਕੀਤੇ ਗਏ ਹਨ ਅਤੇ ਰਾਜ ਵਿੱਚ ਇੱਕ ਕਰੋੜ 96 ਲੱਖ ਦੇ ਕਰੀਬ ਵੋਟਰ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਖ਼ੁਸ਼ੀ ਹੈ ਕਿ ਰਾਜ ਦੇ 100 ਪ੍ਰਤੀਸ਼ਤ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ 1 ਜਨਵਰੀ 2018 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੇ ਵੋਟ ਬਣਵਾਏ ਜਾਣ ਅਤੇ ਲੋਕਾਂ ਨੂੰ ਵੋਟ ਦੇ ਹੱਕ ਦਾ ਬਿਨਾਂ,ਡਰ, ਭੈਅ ਜਾਂ ਲਾਲਚ ਦੇ ਇਸਤੇਮਾਲ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ।