ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਇਆ

ਮੋਗਾ 26 ਜਨਵਰੀ (ਜਸ਼ਨ)-ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਅਜਾਇਬ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਅੱਜ ਦੇ ਸਮਾਗਮ ਵਿਚ ਡਿਪਟੀ ਸਪੀਕਰ ਅਤੇ ਉਹਨਾਂ ਦੀ ਧਰਮ ਪਤਨੀ ਮਨਜੀਤ ਕੌਰ ਦਾ ਨਿੱਘਾ ਸਵਾਗਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ
ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਮੋਗਾ ਡਾ: ਹਰਜੋਤ ਕਮਲ , ਜ਼ਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ, ਜ਼ਿਲਾ ਪ੍ਰਧਾਨ ਸ਼ਹਿਰੀ ਕਾਂਗਰਸ ਵਿਨੋਦ ਬਾਂਸਲ, ਸੂਬਾ ਸਕੱਤਰ ਜਗਸੀਰ ਮੰਗੇਵਾਲਾ ,ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ ਵੀਰਪਾਲ ਕੌਰ ਜੌਹਲ, ਸਾਬਕਾ ਚੇਅਰਮੈਨ ਜਗਰੂਪ ਸਿੰਘ ਤਖਤੂਪੁਰਾ, ,ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ,ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ,ਤੇਜਿੰਦਰ ਸਿੰਘ ਧੰਨਾ, ਪੀ ਏ ਡਾ: ਗੁਰਕੀਰਤ ਸਿੰਘ ਗਿੱਲ ਅਤੇ ਸਕੂਲੀ ਵਿਦਿਆਰਥਣਾਂ ਨੇ ਕੀਤਾ। ਸ. ਅਜਾਇਬ ਸਿੰਘ ਭੱਟੀ ਨੇ ਦੇਸ਼ ਦੇ 69ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਸਾਰੇ ਭਾਰਤੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਸਹੀ ਮਾਅਨਿਆਂ ਵਿੱਚ ਗਣਰਾਜ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਹੋਣ ਵੱਲ ਪਹਿਲਾ ਮੀਲ ਪੱਥਰ ਸਾਬਤ ਹੋਇਆ। ਇਸ ਮੌਕੇ ਸ. ਭੱਟੀ ਨੇ ਹਥਿਆਰਬੰਦ ਫੌਜਾਂ ਦੇ ਉਨਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।
ਸ੍ਰ. ਭੱਟੀ ਨੇ ਕਿਹਾ ਕਿ ਭਾਰਤ ‘ਤੇ ਮੁਗਲਾਂ ਅਤੇ ਅੰਗਰੇਜ਼ਾਂ ਨੇ ਲੰਬਾ ਸਮਾਂ ਰਾਜ ਕੀਤਾ। ਉਨਾਂ ਕਿਹਾ ਕਿ ਜ਼ਿਲੇ ਦੇ ਜੰਮਪਲ ਲਾਲਾ ਲਾਜਪਤ ਰਾਏ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਗ਼ਦਰ ਲਹਿਰ, ਜੈਤੋ ਦਾ ਮੋਰਚਾ ਅਤੇ ਹੋਰ ਅਨੇਕਾਂ ਲਹਿਰਾਂ ਰਾਹੀ ਲੋਕਾਂ ਨੂੰ ਅੰਗਰੇਜ਼ ਸਾਮਰਾਜ ਦੇ ਖਿਲਾਫ਼ ਲਾਮਬੰਦ ਕੀਤਾ ਅਤੇ ਲੰਬੇ ਸੰਘਰਸ਼ ਤੋ ਬਾਅਦ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ। ਉਨਾਂ ਕਿਹਾ ਕਿ ਆਜ਼ਾਦੀ ਦੇ ਘੋਲ ਵਿੱਚ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਵੀ ਨਹੀ ਮਿਲਦੀ। ਉਨਾਂ ਕਿਹਾ ਕਿ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਨੇਕਾਂ ਸੂਰਬੀਰਾਂ ਜਿਨਾਂ ਨੇ ਆਪਣੇ ਖੂਨ ਦਾ ਇੱਕ-ਇੱਕ ਕਤਰਾ ਦੇਸ਼ ਦੀ ਆਜ਼ਾਦੀ ਲਈ ਵਹਾਇਆ ਅਤੇ ਜੇਲਾਂ ਕੱਟੀਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਾਜ ਮਾਤਾ ਮਹਿੰਦਰ ਕੌਰ ਨੇ ਪੰਜਾਬ ਵਿੱਚ ਹਿਜ਼ਰਤ ਕਰਕੇ ਆਏ ਲੋਕਾਂ ਦੇ ਮੁੜ ਵਸੇਬੇੇ ਲਈ ਵੱਡਮੁੱਲਾ ਯੋਗਦਾਨ ਪਾਇਆ।
ਸ. ਭੱਟੀ ਨੇ ਕਿਹਾ ਕਿ ਸਾਡੇ ਗੁਆਂਢੀ ਮੁਲਕ ਚੀਨ ਨੇ 1962 ਵਿੱਚ ਅਤੇੇ ਪਾਕਿਸਤਾਨ ਨੇ 1965 ਤੇ 1971 ਵਿੱਚ ਭਾਰਤ ‘ਤੇ ਹਮਲੇ ਕਰਕੇ ਸਾਡੀਆਂ ਸਰਹੱਦਾਂ ਅਤੇ ਅੰਦਰੂਨੀ ਮਸਲਿਆਂ ‘ਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਸਾਡੇ ਬਹਾਦਰ ਫੌਜ਼ੀ ਜਵਾਨਾਂ ਨੇ ਇਨਾਂ ਹਮਲਿਆਂ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ। ਉਨਾਂ ਕਿਹਾ ਜ਼ਿਲੇ ਦੇ ਮਹਾਨ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੇ 1962 ਦੀ ਚੀਨ ਨਾਲ ਲੜਾਈ ਦੌਰਾਨ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਉਨਾਂ ਮਰਹੂਮ ਮੁੱਖ ਮੰਤਰੀ ਸਵਰਗੀ ਸ੍ਰ. ਬੇਅੰਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨਾਂ ਨੇ ਆਪਣੀ ਜਾਨ ਦੀ ਅਹੂਤੀ ਦੇ ਕੇ ਸੂਬੇ ਨੂੰ ਮੁੜ ਸ਼ਾਂਤੀ ਅਤੇ ਵਿਕਾਸ ਦੀਆਂ ਲੀਹਾਂ ‘ਤੇ ਤੋਰਿਆ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਆਜ਼ਾਦੀ ਤੋ ਬਾਅਦ ਸਾਲ 1965 ਤੱਕ ਭਾਰਤ ਨੂੰ ਅਨਾਜ਼ ਬਾਹਰਲੇ ਦੇਸ਼ਾਂ ਤੋ ਮੰਗਵਾਉਣਾ ਪੈਦਾ ਸੀ, ਪ੍ਰੰਤੂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਪ੍ਰਤਾਪ ਸਿੰਘ ਕੈਰੋ ਅਤੇ ਹੋਰ ਸੂਝਵਾਨ ਨੇਤਾਵਾਂ ਦੀ ਦੂਰ-ਅੰਦੇਸ਼ੀ ਸੋਚ ਅਤੇ ਮਿਹਨਤ ਸਦਕਾ ਦੇਸ਼ ਅਨਾਜ਼ ਦੇ ਖੇਤਰ ਵਿੱਚ ਆਤਮ-ਨਿਰਭਰ ਹੀ ਨਹੀ ਹੋਇਆ, ਬਲਕਿ ਭਾਰਤ ਦੂਸਰੇ ਦੇਸ਼ਾਂ ਨੂੰ ਵੀ ਅਨਾਜ਼ ਭੇਜਣ ਲੱਗਾ ਹੈ। ਉਨਾਂ ਕਿਹਾ ਕਿ ਸਾਡੇ ਖੇਤੀਬਾੜੀ ਵਿਗਿਆਨੀਆਂ ਅਤੇ ਤਕਨੀਕੀ ਮਾਹਿਰਾਂ ਨੇ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਅਤੇ ਉਨਾਂ ਨੂੰ ਜ਼ਰੂਰੀ ਅਗਵਾਈ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਵਾਧਾ ਕੀਤਾ ਹੈ। ਇਹੀ ਵਜਾ ਹੈ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਹਮੇਸ਼ਾਂ ਹੀ ਮੋਹਰੀ ਰਹੇ ਹਨ। ਉਨਾਂ ਕਿਹਾ ਕਿ ਖੇਤੀਬਾੜੀ ਆਰਥਿਕਤਾ ਦਾ ਧੁਰਾ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਦੇ ਵਿਕਾਸ ਲਈ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਕਿਸੇ ਵੀ ਕੀਮਤ ‘ਤੇ ਨਾ ਦੇਣ ਦਾ ਤਹੱਈਆ ਕੀਤਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋ ਸਿੱਖਿਆ, ਈ-ਗਰਵਨੈਸ ਉਦਯੋਗਿਕ, ਖੇਤੀਬਾੜੀ, ਖੇਡਾਂ ਆਦਿ ਖੇਤਰਾਂ ਵਿੱਚ ਮਿਸਾਲੀ ਪੁਲਾਘਾਂ ਪੁੱਟੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋਕ ਭਲਾਈ ਸਕੀਮਾਂ ਤੋ ਵਾਂਝੇ ਲੋਕਾਂ ਨੂੰ ਇਨਾਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੂੰ ਧਰਮਾਂ, ਮਜ਼ਬਾਂ ਅਤੇ ਜਾਤ ਪਾਤ ਤੋ ਉੱਪਰ ਉੱਠ ਕੇ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦੀ ਪ੍ਰੇਰਣਾ ਵੀ ਦਿੱਤੀ।
ਇਸ ਮੌਕੇ ਉਨਾਂ ਮੋਗਾ ਸ਼ਹਿਰ ਵਾਸੀਆਂ ਨੂੰ ਜਲਦੀ ਹੀ ਸਿਵਲ ਹਸਪਤਾਲ ਜੀ.ਟੀ. ਰੋਡ ‘ਤੇ ਸਥਾਪਿਤ ਕਰਕੇ ਟਰਾਮਾ ਵਾਰਡ ਦੀ ਸਹੂਲਤ ਦੇਣ ਦਾ ਭਰੋਸਾ ਵੀ ਦਿਵਾਇਆ। ਉਨਾਂ ਇਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਅਤੇ ਪਰੇਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇੱਕ-ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ। 
ਇਸ ਮੌਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਧਾਨ ਮੰਤਰੀ ਮਾਤਰਵ ਵੰਦਨਾ ਯੋਜਨਾ, ਉਸਾਰੀ ਕਿਰਤੀ ਲਾਭਪਾਤਰੀ ਯੋਜਨਾਂ ਅਤੇ ਪੈਨਸ਼ਨ ਸਕੀਮ ਤਹਿਤ 19 ਲਾਭਪਾਤਰੀਆਂ ਨੂੰ ਮਨਜੂਰੀ ਪੱਤਰ ਵੰਡੇ ਗਏ। ਇਸ ਮੌਕੇ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ 20 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ 14 ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ ਗਏ। ਇਸ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ ਤੇ ਉਨਾਂ ਦੇ ਪ੍ਰੀਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਸ. ਭੱਟੀ ਨੂੰ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵੱਖ-ਵੱਖ ਖੇਤਰਾਂ ‘ਚ ਵਿਲੱਖਣ ਪ੍ਰਾਪਤੀਆਂ ਵਾਲੇ ਅਗਾਂਹਵਧੂ ਕਿਸਾਨਾਂ, ਅਧਿਕਾਰੀਆਂ/ਕ੍ਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵੱਲੋਂ ਪ੍ਰੇਰਣਾਦਾਇਕ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਜ਼ਿਲੇ ਦੇ ਵੱਖ-ਵੱਖ 30 ਦੇ ਕਰੀਬ ਸਕੂਲਾਂ ਦੇ 1,300 ਤੋਂ ਵੀ ਜ਼ਿਆਦਾ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਰਾਹੀਂ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ, ਜ਼ਿਲਾ ਪੁਲਿਸ ਮੁਖੀ ਰਾਜ ਜੀਤ ਸਿੰਘ ਹੁੰਦਲ, ਇੰਚਾਰਜ ਜ਼ਿਲਾ ਸ਼ੈਸ਼ਨ ਜੱਜ ਰਾਜਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਜ਼ਿਲਾ ਸਿੱਖਿਆ ਅਫਸਰ (ਸ) ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ, ਪਰਿੰਸੀਪਲ ਸੁਖਚੈੈਨ ਸਿੰਘ ਹੀਰਾ,ਸਹਾਇਕ ਸਿੱਖਿਆ ਅਫ਼ਸਰ ਖੇਡਾਂ ਇੰਦਰ ਪਾਲ ਸਿੰਘ ਢਿੱਲੋਂ ਸਮੇਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਨਾਮੀਂ ਹਸਤੀਆਂ ਹਾਜ਼ਰ ਸਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


