ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਰੱਥ ਰਵਾਨਾ,ਲੋਕਾਂ ਨੂੰ ਪਾਣੀ ਦੀ ਸੰਭਾਲ ਸਬੰਧੀ ਕੀਤਾ ਜਾਵੇਗਾ ਜਾਗਰੂਕ

ਫ਼ਿਰੋਜ਼ਪੁਰ 26 ਫਰਵਰੀ (ਪੰਕਜ ਕੁਮਾਰ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਨਿਗਰਾਨ ਇੰਜੀਨੀਅਰ ਹਲਕਾ ਫ਼ਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਵਿੰਦਰ ਕੁਮਾਰ ਮੰਡਲ ਨੰ:2 ਫ਼ਿਰੋਜ਼ਪੁਰ ਅਤੇ ਜ਼ੀਰਾ ਦੀ ਅਗਵਾਈ ਹੇਠ ਪਿੰਡਾਂ ਵਿਚ ਲੋਕਾਂ ਨੂੰ ਸਵੱਛ ਪੰਜਾਬ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਵੱਛਤਾ ਰੱਥ ਰਵਾਨਾ ਕੀਤੇ ਗਏ, ਜੋ ਕਿ ਪਿੰਡਾਂ ਦੇ ਲੋਕਾਂ ਨੂੰ ਖੁੱਲ੍ਹੇ ਵਿਚ ਸ਼ੌਚ ਜਾਣ ਸਬੰਧੀ ਹੋਣ ਵਾਲੇ ਨੁਕਸਾਨ, ਪਾਣੀ ਦੀ ਸੰਭਾਲ ਅਤੇ ਸਾਫ਼ ਪਾਣੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਇਨ੍ਹਾਂ ਸਵੱਛਤਾ ਰੱਥਾਂ ਦੇ ਨਾਲ ਵਿਭਾਗ ਦੀ ਸੋਸ਼ਲ ਟੀਮ ਦੁਆਰਾ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਲੋਕਾਂ ਨੂੰ ਸਾਫ਼ ਪਾਣੀ ਅਤੇ ਸਵੱਛ ਪੰਜਾਬ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਨਾਲ ਵਿਭਾਗ ਵੱਲੋਂ ਅਪਣਾਈ ਗਈ ਮਾਫ਼ੀ ਯੋਜਨਾ ਸਬੰਧੀ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।


