ਔਰਤ ਨਾਲ ਹੀ ਮਨੁੱਖੀ ਜੀਵਨ ਦੀ ਹੋਂਦ ਕਾਇਮ: ਡਾ: ਰਜਿੰਦਰ ਕੌਰ ਕਮਲ

ਮੋਗਾ, 7 ਮਾਰਚ (ਜਸ਼ਨ): ਔਰਤਾਂ ਨੂੰ ਆਪਣੀ ਸ਼ਕਤੀ ਅਤੇ ਅਧਿਕਾਰਾਂ ਨੂੰ ਪਹਿਚਾਨਣਾ ਚਾਹੀਦਾ ਹੈ ਅਤੇ ਹੋਰਨਾਂ ਔਰਤਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਜਿੰਦਰ ਕੌਰ ਕਮਲ ਨੇ ਵਿਸ਼ਵ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕੀਤਾ। ਡਾ: ਕਮਲ ਨੇ ਕਿਹਾ ਕਿ ਔਰਤਾਂ ਨਾਲ ਹੀ ਮਨੁੱਖੀ ਜੀਵਨ ਦੀ ਹੋਂਦ ਕਾਇਮ ਹੈ, ਇਸ ਲਈ ਸਾਨੂੰ ਔਰਤਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਔਰਤਾਂ ਨੂੰ ਆਪਣੇ ਅਧਿਕਾਰਾਂ ਨੂੰ ਪਹਿਚਾਨਣਾ ਚਾਹੀਦਾ ਹੈ ਅਤੇ ਆਤਮ ਨਿਰਭਰ ਬਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਔਰਤ ਨੂੰ ਹੀ ਰੱਬ ਦਾ ਦੂਸਰਾ ਰੂਪ ਕਿਹਾ ਜਾਂਦਾ ਹੈ ਅਤੇ ਔਰਤਾਂ ਦੇ ਆਲੇ ਦੁਆਲੇ ਹੀ ਸਾਰਾ ਪਰਿਵਾਰ ਘੁੰਮਦਾ ਹੈ, ਇਸ ਲਈ ਔਰਤ ਦਾ ਪ੍ਰਭਾਵ ਪੂਰੇ ਪਰਿਵਾਰਕ ਮੈਂਬਰਾਂ ਤੇ ਪੈਂਦਾ ਹੈ। ਉਨਾਂ ਕਿਹਾ ਕਿ ਜੇਕਰ ਔਰਤ ਪੜੀ ਲਿਖੀ ਹੋਵੇਗੀ ਤਾਂ ਸਮਾਜ ਸਿੱਖਿਅਤ ਹੋਵੇਗਾ, ਕਿਉਕਿ ਬੱਚਿਆਂ ਦੀ ਸਭ ਤੋਂ ਪਹਿਲੂ ਗੁਰੂ ਮਾਂ ਹੀ ਹੁੰਦੀ ਹੈ ਅਤੇ ਮਾਂ ਹੀ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਮਾਰਗ ਦਰਸ਼ਨ ਕਰਦੀ ਹੈ। ਡਾ. ਰਜਿੰਦਰ ਕੌਰ ਨੇ ਕਿਹਾ ਕਿ ਜੇਕਰ ਮਾਂ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ, ਚੰਗੀ ਸਿੱਖਿਆ ਅਤੇ ਨੈਤਿਕ ਕਦਰਾਂ ਕੀਮਤਾ ਪ੍ਰਦਾਨ ਕਰਦੀ ਹੈ ਤਾਂ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਔਰਤ ਆਪ ਪੜੀ ਲਿਖੀ ਹੋਵੇ। ਡਾ.ਰਜਿੰਦਰ ਕੌਰ ਨੇ ਕਿਹਾ ਕਿ ਔਰਤਾਂ ਵਲੋਂ ਦੇਸ਼ ਦੀ ਤਰੱਕੀ ਲਈ ਪਾਇਆ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਅੱਜ ਦੀ ਔਰਤ ਕਿਸੀ ਵੀ ਖੇਤਰ ਵਿੱਚ ਘੱਟ ਨਹੀਂ ਹੈ ਬਲਕਿ ਦੇਸ਼ ਦੀ ਤਰੱਕੀ ਵਿੱਚ ਬਰਾਬਰ ਦਾ ਯੋਗਦਾਨ ਦੇ ਰਹੀ ਹੈ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਔਰਤਾਂ ਦੇ ਸਸ਼ਕਤੀਕਰਨ ਲਈ ਅਵਾਜ ਬੁਲੰਦ ਕਰਨੀ ਚਾਹੀਦੀ ਹੈ ਤਾਂਕਿ ਔਰਤਾਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਸਕਣ।


