ਜ਼ਿਲੇ ਦੀਆਂ ਮੰਡੀਆਂ ਵਿੱਚ 1 ਲੱਖ 11ਹਜ਼ਾਰ 970 ਮੀਟਿ੍ਰਕ ਟਨ ਕਣਕ ਦੀ ਕੀਤੀ ਗਈ ਖਰੀਦ-ਦਿਲਰਾਜ ਸਿੰਘ

ਮੋਗਾ 18 ਅਪ੍ਰੈਲ(ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ‘ਚ ਕਣਕ ਦੇ ਢੇਰ ਲੱਗ ਜਾਣ ਕਾਰਣ ਕਿਸਾਨਾਂ ਨੂੰ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਸ. ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,58,265 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 1,11,970 ਮੀਟਿ੍ਰਕ ਟਨ ਕਣਕ ਦੀ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਮੰਡੀਆਂ ‘ਚ ਪੁੱਜੀ ਕੁੱਲ ਕਣਕ ਦਾ 71 ਫ਼ੀਸਦ ਹੈ। ਉਨਾਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਕਣਕ ਦੀ ਖ੍ਰੀਦ ਸਬੰਧੀ ਵੇਰਵਾ ਦਿੰਦਿਆਂ ਦੱਸਿਆ ਕਿ ਐਫ.ਸੀ.ਆਈ ਵੱਲੋਂ 37100 ਮੀਟਿ੍ਰਕ ਟਨ, ਪਨਗ੍ਰੇਨ ਵੱਲੋਂ 26328 ਮੀਟਿ੍ਰਕ ਟਨ, ਮਾਰਕਫ਼ੈਡ 21793 ਮੀਟਿ੍ਰਕ ਟਨ, ਪਨਸਪ ਵੱਲੋਂ 3233 ਮੀਟਿ੍ਰਕ ਟਨ, ਪੰਜਾਬ ਐਗਰੋ ਕਾਰਪੋਰੇਸ਼ਨ ਵੱਲੋਂ 10455 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 12775 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 296 ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਖ੍ਰੀਦ ਕੀਤੀ ਗਈ ਕਣਕ ਵਿੱਚੋਂ 37,245 ਮੀਟਿ੍ਰਕ ਟਨ ਜਿਣਸ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰਾਂ ਸੁਕਾ ਕੇ ਹੀ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਵਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਕਈ ਤਰਾਂ ਦੇ ਹਾਦਸੇ ਵਾਪਰਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।


