ਅਕਾਲੀ ਦਲ ਪੁਨਰ ਸੁਰਜੀਤ ਵਿਚੋਂ ਬਰਜਿੰਦਰ ਬਰਾੜ ਦੀ ਵਾਪਸੀ ਨਾਲ ਵਰਕਰਾਂ ’ਚ ਵਧਿਆ ਉਤਸ਼ਾਹ : ਨਿਹਾਲ ਸਿੰਘ ਭੁੱਲਰ

ਮੋਗਾ, 14 ਅਪ੍ਰੈਲ (ਜਸ਼ਨ )  ਨਿਹਾਲ ਸਿੰਘ ਭੁੱਲਰ ਨੇ ਬਰਜਿੰਦਰ ਸਿੰਘ ਬਰਾੜ ਦੇ ਅਕਾਲੀ ਦਲ ਪੁਨਰ ਸੁਰਜੀਤ ਵਿਚੋਂ ਘਰ ਵਾਪਸੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਾਲ ਉਨ੍ਹਾਂ ਦਾ ਅਥਾਹ ਪਿਆਰ ਅਤੇ ਨਜ਼ਦੀਕੀ ਸਬੰਧ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਘਾਟ ਅੱਜ ਵੀ ਹਰ ਵਰਕਰ ਮਹਿਸੂਸ ਕਰਦਾ ਹੈ ਅਤੇ ਉਨ੍ਹਾਂ ਦੀ ਸਿਆਸੀ ਵਿਰਾਸਤ ਨੂੰ ਅੱਗੇ ਵਧਾਉਣ ਦੀ ਲੋੜ ਮਹਿਸੂਸ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਰਜਿੰਦਰ ਸਿੰਘ ਬਰਾੜ ਅਕਾਲੀ ਦਲ ਨੂੰ ਛੱਡ ਕੇ ਅਕਾਲੀ ਦਲ ਪੁਨਰ ਸੁਰਜੀਤੀ ਨਾਲ ਜੁੜੇ ਸਨ ਤਾਂ ਉਸ ਸਮੇਂ ਵਰਕਰਾਂ ਨੂੰ ਇੱਕ ਘਾਟ ਮਹਿਸੂਸ ਹੁੰਦੀ ਸੀ ਅਤੇ ਹਲਕੇ ਵਿਚ ਇੱਕ ਖਾਲੀਪਣ ਜਿਹਾ ਬਣ ਗਿਆ ਸੀ। ਪਰ ਜਦੋਂ ਤੋਂ ਬਰਾੜ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਮਿਲ ਹੋਏ ਹਨ, ਉਸ ਦਿਨ ਤੋਂ ਹੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਚਾਅ  ਪੈਦਾ ਹੋ ਗਿਆ ਹੈ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਬਰਾੜ ਦੀ ਵਾਪਸੀ ਨਾਲ ਸਾਡੀ ਖੁਸ਼ੀ ਦਾ ਠਿਕਾਣਾ ਨਹੀਂ ਅਤੇ ਹੁਣ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਨਵੀਂ ਦਿਸ਼ਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਬਰਾੜ ਦੀ ਅਗਵਾਈ ਹੇਠ ਅਕਾਲੀ ਦਲ ਹਲਕੇ ਵਿਚ ਇੱਕ ਵਾਰ ਫਿਰ ਮਜ਼ਬੂਤੀ ਨਾਲ ਖੜ੍ਹੇਗਾ। ਇਸ ਮੌਕੇ ਬਰਜਿੰਦਰ ਸਿੰਘ ਬਰਾੜ ਨੇ ਵੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਵਰਕਰਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਹੋਰ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।