ਕਾਂਗਰਸ, ਮੋਗਾ ਨਗਰ ਨਿਗਮ ਚੋਣਾਂ ‘ਚ ਬੰਨ੍ਹੇਗੀ , 2027 ਦੀ ਜਿੱਤ ਦਾ ਮੁੱਢ : ਮਾਲਵਿਕਾ ਸੂਦ

ਮੋਗਾ, 21 ਅਪ੍ਰੈਲ (ਜਸ਼ਨ ) ਸੂਬੇ ਵਿਚ 2027 ਦੀਆਂ ਵਿਧਾਨ ਸਭ ਚੋਣਾਂ ਨੂੰ ਲੈ ਕੇ ਹੁਣੇ ਤੋਂ ਸਾਰੀਆਂ ਪਾਰਟੀਆਂ ਪੱਬਾਂ ਭਰ ਹੁੰਦਿਆਂ ਕਾਰਜਸ਼ੀਲ ਨੇ ਪਰ ਮੋਗਾ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਤੁਰੰਤ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ ਆਪਣੇ ਜਿੱਤ ਦੇ ਦਾਅਵੇ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਕਿਹਾ ਹੈ ਕਿ ਇਸ ਵਾਰ ਨਗਰ ਨਿਗਮ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਮੋਗਾ ਨਗਰ ਨਿਗਮ ਦੇ ਹਰ ਵਾਰਡ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰੀ ਹੋਈ ਹੈ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰ ਇਮਾਨਦਾਰ, ਮਿਹਨਤੀ ਅਤੇ ਲੋਕਾਂ ਨਾਲ ਜੁੜੇ ਹੋਏ ਹਨ, ਜਿਸ ਕਰਕੇ ਜਨਤਾ ਦਾ ਵੱਡਾ ਸਮਰਥਨ ਕਾਂਗਰਸ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੌਜੂਦਾ ਹਕੂਮਤ ਵੱਲੋਂ ਸ਼ਹਿਰ ਦੇ ਵਿਕਾਸ ‘ਤੇ ਪੂਰਾ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਦੀ ਖਰਾਬ ਹਾਲਤ, ਸਫਾਈ ਪ੍ਰਬੰਧਾਂ ਦੀ ਕਮੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਮੁੱਖ ਸਮੱਸਿਆਵਾਂ ਅਜੇ ਵੀ ਜਿਉਂ ਦੀ ਤਿਉਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਹੀ ਲੋਕ ਮੁੱਦਿਆਂ ਨੂੰ ਕੇਂਦਰ ਵਿਚ ਰੱਖ ਕੇ ਚੋਣ ਲੜ ਰਹੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਮਕਸਦ ਸ਼ਹਿਰ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜੇਕਰ ਮੋਗਾ ਨਗਰ ਨਿਗਮ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸ਼ਹਿਰ ਦੀ ਤਸਵੀਰ ਬਦਲ ਦਿੱਤੀ ਜਾਵੇਗੀ ਅਤੇ ਵਿਕਾਸ ਦੇ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਕਾਂਗਰਸ ਦੀਆਂ ਨੀਤੀਆਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਇਕਜੁੱਟਤਾ ਅਤੇ ਮਿਹਨਤ ਨਾਲ ਇਸ ਵਾਰ ਮੋਗਾ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਇਤਿਹਾਸਕ ਜਿੱਤ ਦਰਜ ਕਰੇਗੀ।