ਮਾਲਵਾ ਪੱਟੀ ਦੇ 13 ਜ਼ਿਲਿਆਂ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਰਹਿਣਗੀਆਂ
ਚੰਡੀਗੜ, 27 ਅਗਸਤ (ਜਸ਼ਨ)-ਪੰਜਾਬ ਸਰਕਾਰ ਨੇ ਇਹਤਿਆਤ ਵਜੋਂ ਮਾਲਵਾ ਪੱਟੀ ਦੇ 13 ਸੰਵੇਦਨਸ਼ੀਲ ਜ਼ਿਲਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਕਰਨ ਰੱਖਣ ਦੇ ਆਦੇਸ਼ ਦਿੱਤੇ ਹਨ ਕਿਉਂ ਜੋ ਇਸ ਦਿਨ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਸਜ਼ਾ ਸੁਣਾਈ ਜਾਣੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਜ਼ਾ ਸੁਣਾਏ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਅਤੇ ਤਣਾਅ ਵਧਣ ਦੇ ਸੰਦਰਭ ਵਿੱਚ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਲਵਾ ਖੇਤਰ ਦੇ 13 ਨਾਜ਼ੁਕ ਜ਼ਿਲਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਮੋਹਾਲੀ ਅਤੇ ਫਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਵਿਦਿਅਕ ਸੰਸਥਾਵਾਂ ’ਚ ਛੁੱਟੀ ਦਾ ਐਲਾਨ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਬੱਸ ਸੇਵਾ ਅਤੇ ਆਵਾਜਾਈ ਦੇ ਸਾਧਨਾਂ ਵਿੱਚ ਰੁਕਾਵਟ ਦੀ ਵਜਾ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨੂੰ ਟਾਲਿਆ ਜਾ ਸਕੇ।


