ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ, ਇਨਸਾਫ਼ ਦੀ ਜਿੱਤ : ਜਥੇਦਾਰ ਤੀਰਥ ਸਿੰਘ ਮਾਹਲਾ

ਮੋਗਾ ,6 ਫਰਵਰੀ ( ਜਸ਼ਨ ) :ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ  ਨੂੰ ਲੈ ਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਇਸ ਨੂੰ ਇਨਸਾਫ਼ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਅਜੇ ਵੀ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਸ਼ੁਰੂ ਤੋਂ ਹੀ ਸਿਆਸੀ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸੱਤਾਧਾਰੀ ਸਰਕਾਰ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਅਤੇ ਡਰਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਆਖਿਆ ਕਿ ਅਜਿਹੇ ਹਥਕੰਡਿਆਂ ਨਾਲ ਨਾ ਤਾਂ ਸੱਚ ਨੂੰ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਲੋਕਾਂ ਦੀ ਆਵਾਜ਼ ਨੂੰ ਖਾਮੋਸ਼ ਕੀਤਾ ਜਾ ਸਕਦਾ ਹੈ। ਮਾਹਲਾ ਨੇ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਦਾ ਇਹ ਫੈਸਲਾ ਨਾ ਸਿਰਫ਼ ਮਜੀਠੀਆ ਲਈ, ਸਗੋਂ ਸਮੂਹ ਅਕਾਲੀ ਵਰਕਰਾਂ ਅਤੇ ਉਹਨਾਂ ਲੋਕਾਂ ਲਈ ਵੀ ਹੌਸਲਾ ਵਧਾਉਣ ਵਾਲਾ ਹੈ ਜੋ ਇਨਸਾਫ਼ ’ਤੇ ਭਰੋਸਾ ਰੱਖਦੇ ਹਨ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਮੌਜੂਦਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹਦੇ ਹੋਏ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਜਨਤਾ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਮਸਲਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਆਪਣੀ ਨਾਕਾਮੀ ਛੁਪਾਉਣ ਲਈ ਵਿਰੋਧੀ ਧਿਰ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਸੱਤਾਧਾਰੀਆਂ ਲਈ ਇਕ ਸਬਕ ਹੈ ਕਿ ਸੱਤਾ ਸਦੀਵੀ ਨਹੀਂ ਹੁੰਦੀ ਅਤੇ ਆਖ਼ਰਕਾਰ ਸੱਚ ਦੀ ਹੀ ਜਿੱਤ ਹੁੰਦੀ ਹੈ। ਮਾਹਲਾ ਨੇ ਅਪੀਲ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਆਸੀ ਬਦਲੇ ਦੀ ਰਾਜਨੀਤੀ ਛੱਡ ਕੇ ਲੋਕਾਂ ਦੇ ਅਸਲ ਮਸਲਿਆਂ ’ਤੇ ਧਿਆਨ ਦੇਵੇ।