17 ਦਿਨ ਬੀਤਣ ਦੇ ਬਾਵਜੂਦ ਪੰਜਾਬ 'ਚ ਕਣਕ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ ਚ ਰੁਲ ਰਿਹੈ: ਜਗਸੀਰ ਕਾਲੇਕੇ

ਮੋਗਾ, 18 ਅਪ੍ਰੈਲ (ਲਛਮਣਜੀਤ ਸਿੰਘ ਪੁਰਬਾ ) "ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਇੱਕ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ,ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨ 1 ਅਪ੍ਰੈਲ ਤੋਂ ਮੰਡੀਆਂ ਵਿੱਚ ਆਪਣੀ ਫਸਲ ਲੈਕੇ ਮੁਸ਼ਕਲਾਂ ਨਾਲ ਜੂਝ ਰਹੇ ਹਨ,ਪਰ ਖਰੀਦ ਦੀ ਹੌਲੀ ਰਫ਼ਤਾਰ, ਬਾਰਦਾਨੇ ਦੀ ਕਮੀ ਅਤੇ ਲਿਫ਼ਟਿੰਗ ਦੀਆਂ ਮੁਸ਼ਕਲਾਂ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਕਾਲੇ ਕੇ ਨੇ ਦੱਸਿਆ ਕਿ ਮੰਡੀਆਂ ਵਿੱਚ ਪ੍ਰਬੰਧਾਂ ਦੀ ਘਾਟ ਸਾਫ਼ ਨਜ਼ਰ ਆ ਰਹੀ ਹੈ । ਉਨ੍ਹਾਂ ਦੇ ਮੁਤਾਬਕ,ਬਾਰਦਾਨਾ (ਬੋਰੀਆਂ) ਸਮੇਂ ’ਤੇ ਉਪਲਬਧ ਨਹੀਂ ਹੋ ਰਿਹਾ ਅਤੇ ਜੋ ਕਣਕ ਖਰੀਦੀ ਵੀ ਜਾ ਰਹੀ ਹੈ,ਉਸਦੀ ਲਿਫ਼ਟਿੰਗ ਤੁਰੰਤ ਨਹੀਂ ਹੋ ਰਹੀ,ਜਿਸ ਨਾਲ ਮੰਡੀਆਂ ਵਿੱਚ ਢੇਰ ਲੱਗ ਰਹੇ ਹਨ । ਉਹਨਾਂ ਕਿਹਾ ਕਿ ਕਿਸਾਨ ਆਪਣੀ ਫਸਲ ਲੈ ਕੇ ਕਈ ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ,ਪਰ ਨਾ ਤਾਂ ਢੰਗ ਨਾਲ ਖਰੀਦ ਹੋ ਰਹੀ ਹੈ ਅਤੇ ਨਾ ਹੀ ਸਰਕਾਰੀ ਏਜੰਸੀਆਂ ਵੱਲੋਂ ਸਹੂਲਤਾਂ ਮਿਲ ਰਹੀਆਂ ਹਨ । ਗਰਮੀ ਦੇ ਮੌਸਮ ਵਿੱਚ ਖੁੱਲ੍ਹੇ ਆਕਾਸ਼ ਹੇਠਾਂ ਕਣਕ ਪਈ ਰਹਿਣ ਨਾਲ ਨੁਕਸਾਨ ਦਾ ਖਤਰਾ ਵੀ ਵੱਧ ਰਿਹਾ ਹੈ । ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਬਾਰਦਾਨੇ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਖਰੀਦ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਖਾਸਕਾਰ ਮੰਡੀਆਂ ਵਿੱਚ ਪਈ ਕਣਕ ਦੀ ਜਲਦੀ ਲਿਫ਼ਟਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ । ਉਹਨਾਂ ਚੇਤਾਵਨੀ ਦਿੱਤੀ ਕਿ ਜੇ ਇਹ ਸਮੱਸਿਆ ਜਲਦੀ ਹੱਲ ਨਾ ਹੋਈ,ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ ਅਤੇ ਮੰਡੀਆਂ ਵਿੱਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ।


