ਨਵੀਂ ਵਾਰਡਬੰਦੀ ਸੱਤਾਧਾਰੀ ਪਾਰਟੀ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ : ਮਾਲਵਿਕਾ ਸੂਦ

ਮੋਗਾ, 17 ਅਪ੍ਰੈਲ (ਜਸ਼ਨ ) ਕਾਂਗਰਸ ਪਾਰਟੀ ਦੀ ਮੋਗਾ ਵਿਧਾਨ ਸਭਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਵਾਰਡਬੰਦੀ ਦੇ  ਰੋਸਟਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸੱਤਾਧਾਰੀ ਧਿਰ ’ਤੇ ਗੰਭੀਰ ਦੋਸ਼ ਲਗਾਏ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਹੁਕਮਰਾਨ ਪਾਰਟੀ ਦੀ ਵਿਧਾਇਕਾ ਵੱਲੋਂ ਵਾਰਡਬੰਦੀ ਦਾ ਰੋਸਟਰ ਆਪਣੇ ਰਾਜਨੀਤਿਕ ਲਾਭ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰੀ  ਪ੍ਰਕਿਰਿਆ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਸਮਰਥਕਾਂ ਅਤੇ ਪਾਰਟੀ ਦੇ ਕੌਂਸਲਰਾਂ ਨੂੰ ਜਿਤਾਉਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਪਹਿਲਾਂ ਆਪਣੇ ਵਾਰਡਾਂ ਵਿਚ ਹਾਰਦੇ ਰਹੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਨਵੇਂ ਵਾਰਡਾਂ ਵਿਚ ਫਿੱਟ ਕੀਤਾ ਗਿਆ ਹੈ ਕਿ ਉਹ ਹੁਣ ਆਸਾਨੀ ਨਾਲ ਚੋਣ ਜਿੱਤ ਸਕਣ। ਮਾਲਵਿਕਾ ਸੂਦ ਨੇ ਕਿਹਾ ਇਹ ਵਾਰਡਬੰਦੀ ਸਪੱਸ਼ਟ ਤੌਰ ’ਤੇ ਇੱਕ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੈ, ਜਿਸਦਾ ਮਕਸਦ ਸਿਰਫ਼ ਚੋਣ ਫਾਇਦਾ ਲੈਣਾ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਵਿਧਾਇਕਾ ਵੱਲੋਂ ਮੋਗਾ ਵਿਚ ਆਪਣਾ ਮੇਅਰ ਬਣਾਉਣ ਲਈ ਇਹ ਸਾਰੀ ਕਵਾਇਦ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਵਾਰਡਾਂ ਦੀ ਹਦਬੰਦੀ ਅਤੇ ਰੋਸਟਰ ਵਿੱਚ ਕੀਤੀਆਂ ਤਬਦੀਲੀਆਂ ਸਿਰਫ਼ ਕੁਝ ਖਾਸ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਲਈ ਹਨ, ਜਿਸ ਨਾਲ ਆਮ ਜਨਤਾ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਇਸ ਤਰ੍ਹਾਂ ਦੀ ਵਾਰਡਬੰਦੀ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ ਹੈ ਅਤੇ ਇਸ ਨਾਲ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਖੜ੍ਹਦੇ ਹਨ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜੇ ਲੋੜ ਪਈ ਤਾਂ ਇਸ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਾਰਡਬੰਦੀ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਅਤੇ ਸਾਰੇ ਵਰਗਾਂ ਨਾਲ ਨਿਆਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਬਰਾਬਰ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧਾਂਧਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਵਾਰਡਬੰਦੀ ਦਾ ਇਹ ਮਸਲਾ ਆਉਣ ਵਾਲੀਆਂ ਚੋਣਾਂ ਵਿਚ ਇੱਕ ਵੱਡਾ ਚਰਚਾ ਦਾ ਵਿਸ਼ਾ ਬਣ ਸਕਦਾ ਹੈ।